ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਦੀਪਕ ਬਾਲੀ ਨੇ ਕੀਤੀ ਸਖਤ ਸ਼ਬਦਾਂ ਵਿਚ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

ਆਮ ਆਦਮੀ ਪਾਰਟੀ (ਆਪ) ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ ‘ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਬਾਲੀ ਨੇ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਵਿਅਕਤੀ ‘ਤੇ ਨਹੀਂ, ਸਗੋਂ ਪੰਜਾਬ ਦੇ ਮਾਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ‘ਤੇ ਹਮਲਾ ਹੈ।

 

ਦੀਪਕ ਬਾਲੀ ਨੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਨੇ ਦਿਲਜੀਤ ਦੋਸਾਂਝ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਉਨ੍ਹਾਂ ਨੇ ਸਿਰੇ ਤੋਂ ਨਕਾਰ ਦਿੱਤਾ। ਇਸ ਇਨਕਾਰ ਦੇ ਠੀਕ ਦੋ ਦਿਨ ਬਾਅਦ ਉਨ੍ਹਾਂ ਦੇ ਮੈਨੇਜਰ ਦੇ ਘਰ ‘ਤੇ ਹਮਲਾ ਹੋਣਾ ਅਤੇ ਲਾਰੈਂਸ ਬਿਸ਼ਨੋਈ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਣਾ ਮਹਿਜ਼ ਇਤਫ਼ਾਕ ਨਹੀਂ ਹੈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਭਾਜਪਾ ਹੁਣ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ।

 

ਦੀਪਕ ਬਾਲੀ ਨੇ ਕਿਹਾ ਕਿ ਜਿਸ ਲਾਰੈਂਸ ਬਿਸ਼ਨੋਈ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ, ਜਿੱਥੇ ਭਾਜਪਾ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਇੱਕ ਹਾਈ-ਸਿਕਿਓਰਿਟੀ ਜੇਲ੍ਹ ਵਿੱਚ ਬੈਠ ਕੇ ਗੈਂਗਸਟਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਕੀ ਇਹ ਬਿਨਾਂ ਸਰਕਾਰੀ ਸਰਪ੍ਰਸਤੀ ਦੇ ਸੰਭਵ ਹੈ? ਭਾਜਪਾ ਗੈਂਗਸਟਰਾਂ ਦੀ ਮਦਦ ਨਾਲ ਦੂਜੇ ਰਾਜਾਂ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।

 

ਦੀਪਕ ਬਾਲੀ ਨੇ ਅੱਗੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਭਾਜਪਾ ਦੀ ‘ਪੰਜਾਬ-ਵਿਰੋਧੀ’ ਮਾਨਸਿਕਤਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਭਾਜਪਾ ਪੰਜਾਬ ਦੇ ਉਨ੍ਹਾਂ ਕਲਾਕਾਰਾਂ ਅਤੇ ਸ਼ਖਸੀਅਤਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਉਨ੍ਹਾਂ ਅੱਗੇ ਝੁਕਣ ਲਈ ਤਿਆਰ ਨਹੀਂ ਹਨ। ਜਿਸ ਤਰ੍ਹਾਂ ਸੈਲੀਬ੍ਰਿਟੀਜ਼ ‘ਤੇ ਹਮਲੇ ਹੋ ਰਹੇ ਹਨ, ਉਸ ਤੋਂ ਇਹ ਸਾਫ਼ ਹੈ ਕਿ ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੁਰੱਖਿਆ ਲਈ ਸਭ ਤੋਂ ਵੱਡਾ ਖ਼ਤਰਾ ਬਣਦੀ ਜਾ ਰਹੀ ਹੈ। ਚੀਮਾ ਨੇ ਕੇਂਦਰ ਸਰਕਾਰ ਅਤੇ ਗੁਜਰਾਤ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਲ੍ਹਾਂ ਤੋਂ ਚੱਲ ਰਹੇ ਇਸ ਖ਼ੂਨੀ ਖੇਡ ਨੂੰ ਤੁਰੰਤ ਬੰਦ ਕੀਤਾ ਜਾਵੇ।

 

Leave a Reply

Your email address will not be published. Required fields are marked *