ਉੱਤਰੀ ਭਾਰਤ ਇਸ ਸਮੇਂ ਭਿਆਨਕ ਗਰਮੀ ਦੀ ਚਪੇਟ ਵਿੱਚ ਹੈ। ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਿੱਖੀ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਕਈ ਰਾਜ ਸਰਕਾਰਾਂ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਦੀ ਸਿਹਤ ‘ਤੇ ਕੋਈ ਅਸਰ ਨਾ ਪਵੇ।

ਇਸੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਕੂਲੀ ਵਿਦਿਆਰਥੀਆਂ ਲਈ ਵੱਡਾ ਫੈਸਲਾ ਲੈਂਦਿਆਂ ਸਮਰ ਵੇਕੇਸ਼ਨ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ ਚੰਡੀਗੜ੍ਹ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵਿੱਚ 23 ਮਈ 2026 ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣਗੀਆਂ।
ਜਾਣਕਾਰੀ ਮੁਤਾਬਕ ਇਸ ਵਾਰ ਸਕੂਲਾਂ ਵਿੱਚ ਕੁੱਲ 39 ਦਿਨਾਂ ਦੀ ਛੁੱਟੀ ਰਹੇਗੀ। ਇਹ ਛੁੱਟੀਆਂ 30 ਜੂਨ 2026 ਤੱਕ ਜਾਰੀ ਰਹਿਣਗੀਆਂ ਅਤੇ ਸਾਰੇ ਸਕੂਲ 1 ਜੁਲਾਈ 2026 ਤੋਂ ਦੁਬਾਰਾ ਖੁੱਲ੍ਹਣਗੇ। ਪ੍ਰਸ਼ਾਸਨ ਨੇ ਸਕੂਲਾਂ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਚਿਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਪਹਿਲ ਦਿੱਤੀ ਜਾਵੇ।
ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵੱਧਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਕਾਰਨ ਲੋਕਾਂ ਨੂੰ ਦੁਪਹਿਰ ਦੇ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਹੀਟਵੇਵ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।
