ਪੰਜਾਬ ‘ਚ ਹੀਟਵੇਵ ਦਾ ਅਲਰਟ, ਅਗਲੇ ਤਿੰਨ ਦਿਨ ਤਪੇਗਾ ਸੂਬਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ 24 ਮਈ ਤੋਂ ਲੂ ਦਾ ਦੌਰ ਸ਼ੁਰੂ ਹੋਵੇਗਾ, ਜਦਕਿ 25, 26 ਅਤੇ 27 ਮਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਤਿੱਖੀ ਲੂ ਚੱਲਣ ਦੀ ਸੰਭਾਵਨਾ ਹੈ। ਇਸ ਕਾਰਨ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ 28 ਅਤੇ 29 ਮਈ ਨੂੰ ਮੌਸਮ ਅਚਾਨਕ ਬਦਲ ਸਕਦਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਤੂਫ਼ਾਨ ਆ ਸਕਦੇ ਹਨ। ਇਸ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸੇ ਤਰ੍ਹਾਂ ਪਟਿਆਲਾ ਵਿੱਚ 42 ਡਿਗਰੀ, ਫਾਜ਼ਿਲਕਾ ਵਿੱਚ 40.8 ਡਿਗਰੀ ਅਤੇ ਪਠਾਨਕੋਟ ਵਿੱਚ 39.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ ਵੀ ਗਰਮੀ ਦੀ ਲਪੇਟ ਵਿੱਚ ਰਹੀ, ਜਿੱਥੇ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਚੰਡੀਗੜ੍ਹ ਵਿੱਚ ਵੱਧ ਰਹੀ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਸਕੂਲਾਂ ਦੇ ਸਮਰ ਕੈਂਪਾਂ ਵਿੱਚ ਬਾਹਰੀ ਗਤੀਵਿਧੀਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (CCPCR) ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਬੱਚਿਆਂ ਨੂੰ ਗਰਮੀਆਂ ਦੇ ਕੈਂਪਾਂ ਦੌਰਾਨ ਸਿਰਫ਼ ਠੰਢੇ ਅਤੇ ਸੁਰੱਖਿਅਤ ਵਾਤਾਵਰਣ ਵਿੱਚ ਹੀ ਗਤੀਵਿਧੀਆਂ ਕਰਵਾਈਆਂ ਜਾਣ।

ਮਾਹਿਰਾਂ ਮੁਤਾਬਕ ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਡੀਹਾਈਡ੍ਰੇਸ਼ਨ, ਬਦਹਜ਼ਮੀ, ਐਸੀਡਿਟੀ ਅਤੇ ਹੀਟ ਸਟ੍ਰੋਕ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਡਾਕਟਰਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ, ਹਲਕਾ ਖਾਣਾ ਖਾਣ ਅਤੇ ਬਿਨਾਂ ਲੋੜ ਧੁੱਪ ਵਿੱਚ ਨਾ ਨਿਕਲਣ ਦੀ ਸਲਾਹ ਦਿੱਤੀ ਹੈ।

Leave a Reply

Your email address will not be published. Required fields are marked *