ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕ ਗਰਮੀ ਨਾਲ ਸੰਬੰਧਿਤ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਅਲਰਟ ‘ਤੇ ਹਨ।
ਇਸੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿਅੰਤ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘਟਾਉਣ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗਰਮੀ ਕਾਰਨ ਹੀਟ ਸਟ੍ਰੋਕ, ਗਰਮੀ ਦੀ ਥਕਾਵਟ, ਡੀਹਾਈਡ੍ਰੇਸ਼ਨ ਅਤੇ ਦਿਲ ਅਤੇ ਸਾਹ ਨਾਲ ਸੰਬੰਧਿਤ ਬਿਮਾਰੀਆਂ ਦਾ ਖਤਰਾ ਕਾਫ਼ੀ ਵੱਧ ਜਾਂਦਾ ਹੈ।
ਡਾ. ਬਲਬੀਰ ਸਿੰਘ ਨੇ ਕਿਹਾ, “ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ ਚਾਲੂ ਰੱਖੇ ਜਾਣ।”
ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਵਾਰਡ ਠੰਢਕ ਪ੍ਰਬੰਧਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਆਈਸ ਪੈਕ, ਕੋਲਡ IV ਤਰਲ ਪਦਾਰਥ ਅਤੇ ਹੋਰ ਜ਼ਰੂਰੀ ਸਹੂਲਤਾਂ ਸ਼ਾਮਲ ਹਨ। ਇਸਦੇ ਨਾਲ ਹੀ ਹਸਪਤਾਲਾਂ ਵਿੱਚ ORS, ਐਮਰਜੈਂਸੀ ਦਵਾਈਆਂ ਅਤੇ ਹੋਰ ਜ਼ਰੂਰੀ ਮੈਡੀਕਲ ਸਪਲਾਈ ਦਾ ਯੋਗ ਸਟਾਕ ਵੀ ਯਕੀਨੀ ਬਣਾਇਆ ਗਿਆ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਤੱਕ ਲਿਜਾਣ ਦੌਰਾਨ ਗਰਮੀ ਤੋਂ ਬਚਾਉਣ ਲਈ ਐਂਬੂਲੈਂਸਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ IHIP ਪੋਰਟਲ ਰਾਹੀਂ ਗਰਮੀ ਨਾਲ ਸੰਬੰਧਿਤ ਬਿਮਾਰੀਆਂ ਦੇ ਮਾਮਲਿਆਂ ਦੀ ਰੀਅਲ-ਟਾਈਮ ਨਿਗਰਾਨੀ ਕਰ ਰਹੀ ਹੈ। ਇਸਦੇ ਨਾਲ ਹੀ ਜ਼ਿਲ੍ਹਾ ਟਾਸਕ ਫੋਰਸਾਂ ਵੱਲੋਂ ਸਿੱਖਿਆ, ਕਿਰਤ ਅਤੇ ਆਵਾਜਾਈ ਵਿਭਾਗਾਂ ਨਾਲ ਮਿਲ ਕੇ ਹੀਟ ਐਕਸ਼ਨ ਪਲਾਨ ‘ਤੇ ਕੰਮ ਕੀਤਾ ਜਾ ਰਿਹਾ ਹੈ।
