ਪੰਜਾਬ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ 26 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਲਾਗੂ ਰਹੇਗੀ। ਇਸਦੇ ਨਾਲ ਹੀ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਰਕਾਰ ਦੇ ਦਫ਼ਤਰਾਂ ਅਤੇ ਸੰਸਥਾਵਾਂ ਲਈ ਵੀ ਇਹ ਛੁੱਟੀ ਐਲਾਨੀ ਗਈ ਹੈ।
ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਲੋਕ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ। ਇਹ ਛੁੱਟੀ ਨੈਗੋਸੀਏਸ਼ਨ ਇੰਸਟਰੂਮੈਂਟ ਐਕਟ 1881 ਤਹਿਤ ਘੋਸ਼ਿਤ ਕੀਤੀ ਗਈ ਹੈ।
ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਉਹ ਲੋਕਤੰਤਰ ਦੇ ਇਸ ਮਹੱਤਵਪੂਰਨ ਤਿਉਹਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦਾ ਜ਼ਰੂਰ ਇਸਤੇਮਾਲ ਕਰਨ।
