ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਜਲੰਧਰ ਦੇ ਸ਼ਾਹਕੋਟ ਸਥਿਤ ਨਿਰਮਲ ਕੁਟੀਆ ਸੀਚੇਵਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮਿਲ ਕੇ ਕਈ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਵੀ ਖ਼ਾਸ ਤੌਰ ‘ਤੇ ਮੌਜੂਦ ਰਹੇ।
ਸੀਐਮ ਭਗਵੰਤ ਮਾਨ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਿੰਡ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਯਾਦਗਾਰੀ ਹਾਕੀ ਸਟੇਡੀਅਮ ਵਿੱਚ ਨਵੇਂ ਲਗਾਏ ਗਏ ਐਸਟ੍ਰੋਟਰਫ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਨੰਨੇ ਹਾਕੀ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਬੇਹਤਰੀਨ ਖਿਡਾਰੀ ਦਿੱਤੇ ਹਨ ਅਤੇ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਕਰਵਾਏ ਧਾਰਮਿਕ ਸਮਾਗਮ ਵਿੱਚ ਵੀ ਹਾਜ਼ਰੀ ਭਰੀ। ਉਨ੍ਹਾਂ ਸੰਤ ਮਹਾਂਪੁਰਖਾਂ ਦੀ ਮਹਾਨਤਾ ਬਿਆਨ ਕਰਦਿਆਂ ਕਿਹਾ ਕਿ ਅਜਿਹੇ ਮਹਾਂਪੁਰਖਾਂ ਨੇ ਸਮਾਜ ਨੂੰ ਸੇਵਾ, ਸਾਦਗੀ ਅਤੇ ਮਨੁੱਖਤਾ ਦਾ ਰਾਹ ਦਿਖਾਇਆ ਹੈ।
ਸੀਐਮ ਮਾਨ ਨੇ ਵਾਤਾਵਰਨ ਸੰਭਾਲ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਖੁੱਲ੍ਹ ਕੇ ਸ਼ਲਾਘਾ ਕੀਤੀ। ਉਨ੍ਹਾਂ ਸੰਤ ਸੀਚੇਵਾਲ ਨੂੰ “ਜੰਗਲ ‘ਚ ਮੰਗਲ ਲਗਾਉਣ ਵਾਲਾ ਵਾਤਾਵਰਨ ਪ੍ਰੇਮੀ” ਕਰਾਰ ਦਿੰਦਿਆਂ ਸਨਮਾਨਿਤ ਕੀਤਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਵਾ ਪੰਜ ਸੌ ਸਾਲ ਪਹਿਲਾਂ ਹੀ ਕੁਦਰਤ ਅਤੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ ਸੀ, ਪਰ ਅਸੀਂ ਉਸ ਸਿੱਖਿਆ ‘ਤੇ ਪੂਰੀ ਤਰ੍ਹਾਂ ਅਮਲ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਵਿਅਕਤੀ ਵਾਤਾਵਰਨ ਬਚਾਉਣ ਲਈ ਆਪਣੀ ਜ਼ਿੰਮੇਵਾਰੀ ਸਮਝੇ।
ਇਸ ਮੌਕੇ ਸੀਐਮ ਭਗਵੰਤ ਮਾਨ ਨੇ ਬੇਅਦਬੀ ਵਿਰੋਧੀ ਕਨੂੰਨ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਮਿਹਰ ਨਾਲ ਸਰਕਾਰ ਨੂੰ ਬੇਅਦਬੀ ਵਿਰੋਧੀ ਕਾਨੂੰਨ ਲਿਆਉਣ ਦੀ ਸੇਵਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਹ ਕਾਨੂੰਨ ਸੰਗਤਾਂ ਅਤੇ ਕਾਨੂੰਨੀ ਮਾਹਿਰਾਂ ਦੇ ਸੁਝਾਵਾਂ ਅਤੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਚਿਰਾਂ ਤੋਂ ਉਡੀਕਿਆ ਜਾ ਰਿਹਾ ਇਹ ਕਾਨੂੰਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਵੇਗਾ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।
