ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਤੰਜ ਭਰੀ ਪੋਸਟ ਕਰਕੇ ਸਿਆਸੀ ਚਰਚਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਸੀਐਮ ਮਾਨ ਨੇ ਆਪਣੀ ਪੋਸਟ ਵਿੱਚ ਲਿਖਿਆ, “2019 ਅਤੇ 2024 ਵਿੱਚ ਬਰਨਾਲਾ ਦੇ ਲੋਕਾਂ ਵੱਲੋਂ ਹਰਾਏ ਹੋਏ ਕਾਂਗਰਸ ਦੇ ਭਾਜਪਾਈ ਨੇਤਾ ਕੇਵਲ ਢਿੱਲੋਂ ਜੀ ਨੂੰ BJP ਦਾ ਪ੍ਰਧਾਨ ਬਣਨ ‘ਤੇ ਮੁਬਾਰਕਾਂ… ਸੁਨੀਲ ਜਾਖੜ ਜੀ ਨਾਲ ਦਿਲੋਂ ਹਮਦਰਦੀ… ਪ੍ਰਮਾਤਮਾ ਰਵਨੀਤ ਬਿੱਟੂ, ਮਨਪ੍ਰੀਤ ਬਾਦਲ, ਫ਼ਤਿਹਜੰਗ ਬਾਜਵਾ, ਤਰੁਣ ਚੁੱਘ ਅਤੇ ਅਸ਼ਵਨੀ ਸ਼ਰਮਾ ਵਗੈਰਾ ਨੂੰ ਇਹ ਜਿੱਲਤ ਝੱਲਣ ਦਾ ਬਲ ਬਖਸ਼ੇ…”
ਮੁੱਖ ਮੰਤਰੀ ਦੀ ਇਸ ਪੋਸਟ ਨੂੰ ਭਾਜਪਾ ਦੇ ਅੰਦਰੂਨੀ ਸਿਆਸੀ ਹਾਲਾਤਾਂ ‘ਤੇ ਤੰਜ ਵਜੋਂ ਦੇਖਿਆ ਜਾ ਰਿਹਾ ਹੈ। ਪੋਸਟ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।
ਦਰਅਸਲ, ਭਾਰਤੀ ਜਨਤਾ ਪਾਰਟੀ ਨੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਫੈਸਲਾ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਲਿਆ ਗਿਆ। ਪਾਰਟੀ ਸੂਤਰਾਂ ਮੁਤਾਬਕ BJP 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਸਿੱਖ ਚਿਹਰਾ ਅੱਗੇ ਲਿਆਉਣਾ ਚਾਹੁੰਦੀ ਸੀ, ਜਿਸ ਲਈ ਕੇਵਲ ਸਿੰਘ ਢਿੱਲੋਂ ਦੇ ਨਾਮ ‘ਤੇ ਮੋਹਰ ਲਗਾਈ ਗਈ।
ਕੇਵਲ ਸਿੰਘ ਢਿੱਲੋਂ ਪੰਜਾਬ ਦੀ ਰਾਜਨੀਤੀ ਦਾ ਜਾਣਿਆ-ਪਛਾਣਿਆ ਨਾਮ ਹਨ। ਉਹ 2007 ਤੋਂ 2017 ਤੱਕ ਬਰਨਾਲਾ ਤੋਂ ਵਿਧਾਇਕ ਰਹੇ। ਲੰਮੇ ਸਮੇਂ ਤੱਕ ਕਾਂਗਰਸ ਨਾਲ ਜੁੜੇ ਰਹਿਣ ਤੋਂ ਬਾਅਦ ਉਹ ਜੂਨ 2022 ਵਿੱਚ BJP ਵਿੱਚ ਸ਼ਾਮਲ ਹੋਏ ਸਨ। ਭਾਜਪਾ ਵਿੱਚ ਆਉਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਇਕਾਈ ਦਾ ਮੀਤ ਪ੍ਰਧਾਨ ਵੀ ਬਣਾਇਆ ਸੀ।
ਉੱਥੇ ਹੀ ਸੁਨੀਲ ਜਾਖੜ ਨੇ 19 ਮਈ 2022 ਨੂੰ ਭਾਜਪਾ ਜੁਆਇਨ ਕੀਤੀ ਸੀ ਅਤੇ ਜੁਲਾਈ 2023 ਵਿੱਚ ਉਹਨਾਂ ਨੂੰ ਪੰਜਾਬ BJP ਦਾ ਪ੍ਰਧਾਨ ਬਣਾਇਆ ਗਿਆ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੁਨੀਲ ਜਾਖੜ ਕਾਂਗਰਸ ਦੇ ਸੀਨੀਅਰ ਆਗੂ ਰਹੇ ਹਨ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ, ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ, ਅਬੋਹਰ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹਿ ਚੁੱਕੇ ਹਨ। ਉਹ ਦੇਸ਼ ਦੇ ਸਾਬਕਾ ਲੋਕ ਸਭਾ ਸਪੀਕਰ ਸਵਰਗੀ ਬਲਰਾਮ ਜਾਖੜ ਦੇ ਪੁੱਤਰ ਹਨ।
2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਵੀ ਕੀਤੀ ਸੀ, ਪਰ ਪਾਰਟੀ ਹਾਈਕਮਾਨ ਨੇ ਉਸ ਸਮੇਂ ਉਹ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਸੀ। ਹੁਣ ਕੇਵਲ ਸਿੰਘ ਢਿੱਲੋਂ ਨੂੰ ਕਮਾਨ ਦੇ ਕੇ BJP ਨੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਦਾਅ ਖੇਡਿਆ ਹੈ।
