ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਚਮਕ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਵੀ ਉਮੀਦ ਹੈ।
ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਦੂਜੇ ਪਾਸੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਲਈ ਫਿਲਹਾਲ ਕੋਈ ਖਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਮਾਨਸੂਨ ਅਜੇ ਪੰਜਾਬ ਨਹੀਂ ਪਹੁੰਚਿਆ। ਸੂਬੇ ਵਿੱਚ ਹੋ ਰਹੀ ਇਹ ਬਾਰਿਸ਼ ਪੱਛਮੀ ਵਿਛੋਭ (ਵੈਸਟਰਨ ਡਿਸਟਰਬੈਂਸ) ਦੇ ਪ੍ਰਭਾਵ ਕਾਰਨ ਹੋ ਰਹੀ ਹੈ।
ਵਿਭਾਗ ਅਨੁਸਾਰ ਪਾਕਿਸਤਾਨ ਵੱਲੋਂ ਸਰਗਰਮ ਹੋਏ ਪੱਛਮੀ ਵਿਛੋਭ ਦੇ ਅਸਰ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਿਆ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਮੀਂਹ, ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਬਣੀ ਹੋਈ ਹੈ। ਵੀਰਵਾਰ ਸ਼ਾਮ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।
ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ 6, 7 ਅਤੇ 10 ਜੂਨ ਨੂੰ ਵੀ ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਇਸ ਤੋਂ ਬਾਅਦ ਗਰਮੀ ਮੁੜ ਵੱਧ ਸਕਦੀ ਹੈ।
