ਮੋਗਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਨੇ ਮੇਅਰ ਦੀ ਕੁਰਸੀ ‘ਤੇ ਕਬਜ਼ਾ ਕਰ ਲਿਆ ਹੈ। ਪਾਰਟੀ ਦੀ ਕੌਂਸਲਰ ਵਿਨੈਪਾਲ ਕੌਰ ਨੂੰ ਮੋਗਾ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਇਸ ਵਾਰ ਪੰਜਾਬ ਸਰਕਾਰ ਵੱਲੋਂ ਮੇਅਰ ਦਾ ਅਹੁਦਾ ਪੱਛੜੇ ਵਰਗ (ਬੀਸੀ) ਲਈ ਰਾਖਵਾਂ ਰੱਖਿਆ ਗਿਆ ਸੀ।
ਮੇਅਰ ਦੀ ਚੋਣ ਪ੍ਰਕਿਰਿਆ ਦੌਰਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ‘ਤੇ ਮੋਗਾ ਪਹੁੰਚੇ। ਇਹ ਚੋਣ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਰਵਾਈ ਗਈ।
ਜ਼ਿਕਰਯੋਗ ਹੈ ਕਿ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 50 ਵਿੱਚੋਂ 30 ਵਾਰਡਾਂ ‘ਚ ਜਿੱਤ ਦਰਜ ਕਰਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਸੀ। ਵਿਨੈਪਾਲ ਕੌਰ ਨੇ ਪਹਿਲੀ ਵਾਰ ਰਾਜਨੀਤੀ ਵਿੱਚ ਕਦਮ ਰੱਖਦਿਆਂ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ। ਲੋਕਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਕੌਂਸਲਰ ਚੁਣਿਆ ਅਤੇ ਹੁਣ ਉਹ ਸ਼ਹਿਰ ਦੀ ਪਹਿਲੀ ਨਾਗਰਿਕ ਬਣ ਗਈ ਹੈ।
44 ਸਾਲਾ ਵਿਨੈਪਾਲ ਕੌਰ ਨੇ ਮੈਡੀਸਨ ਵਿੱਚ ਬੀ.ਐਸ.ਸੀ. ਅਤੇ ਸ਼ਿਮਲਾ ਯੂਨੀਵਰਸਿਟੀ ਤੋਂ ਪੀ.ਜੀ.ਡੀ.ਸੀ.ਏ. ਦੀ ਡਿਗਰੀ ਹਾਸਲ ਕੀਤੀ ਹੈ। ਉਹ ਦੋ ਬੱਚਿਆਂ ਦੀ ਮਾਂ ਹਨ ਅਤੇ ਉਨ੍ਹਾਂ ਦੇ ਪਰਿਵਾਰ ਦਾ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਿੱਧਾ ਸਬੰਧ ਨਹੀਂ ਰਿਹਾ।
ਨਗਰ ਨਿਗਮ ਚੋਣਾਂ ਦੌਰਾਨ ਵਿਨੈਪਾਲ ਕੌਰ ਨੇ ਆਪਣੇ ਸਭ ਤੋਂ ਨਜ਼ਦੀਕੀ ਵਿਰੋਧੀ ਉਮੀਦਵਾਰ ਨੂੰ 228 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਮੇਅਰ ਬਣਨ ਤੋਂ ਬਾਅਦ ਉਨ੍ਹਾਂ ਨੇ ਮੋਗਾ ਦੇ ਵਿਕਾਸ, ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਆਪਣੀ ਪਹਿਲ ਦੱਸਿਆ।
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸ ਜਿੱਤ ਨੂੰ ਲੋਕਾਂ ਦੇ ਭਰੋਸੇ ਦੀ ਜਿੱਤ ਦੱਸਦਿਆਂ ਕਿਹਾ ਕਿ ਮੋਗਾ ਦੇ ਵਿਕਾਸ ਲਈ ਨਵੀਂ ਮੇਅਰ ਦੀ ਅਗਵਾਈ ਹੇਠ ਹੋਰ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ।
