ਝੋਨੇ ਦੇ ਸੀਜ਼ਨ ਦੌਰਾਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਕੇਵਲ ਸਿੰਘ ਢਿੱਲੋਂ ਨੇ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ ਇੱਕ ਅਹਿਮ ਪੱਤਰ ਲਿਖ ਕੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੌਰਾਨ ਡੀ.ਏ.ਪੀ. ਅਤੇ ਯੂਰੀਆ ਖਾਦਾਂ ਦੀ ਨਿਰਵਿਘਨ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਕੇਵਲ ਸਿੰਘ ਢਿੱਲੋਂ ਨੇ ਆਪਣੇ ਪੱਤਰ ਵਿੱਚ ਦੱਸਿਆ ਕਿ 6 ਜੂਨ ਨੂੰ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਵੀ ਇਸ ਮਸਲੇ ‘ਤੇ ਵਿਸਥਾਰ ਨਾਲ ਚਰਚਾ ਹੋਈ ਸੀ। ਹੁਣ ਜਦੋਂ ਪੰਜਾਬ ਵਿੱਚ ਝੋਨੇ ਦੀ ਬਿਜਾਈ ਪੂਰੇ ਜੋਰਾਂ ‘ਤੇ ਹੈ, ਤਾਂ ਕਿਸਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਖਾਦਾਂ ਦੀ ਸਪਲਾਈ ਹੋਰ ਵਧਾਉਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਪਹਿਲਾਂ ਹੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਲੋੜੀਂਦੀ ਖਾਦ ਪੰਜਾਬ ਭੇਜੀ ਜਾ ਰਹੀ ਹੈ, ਪਰ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਖਾਦਾਂ ਦੀ ਮੰਗ ਆਪਣੇ ਸਿਖਰ ‘ਤੇ ਪਹੁੰਚ ਜਾਂਦੀ ਹੈ। ਅਜਿਹੇ ਸਮੇਂ ਖਾਦਾਂ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਕਿਸਾਨਾਂ ਲਈ ਵੱਡੀ ਸਮੱਸਿਆ ਬਣ ਸਕਦੀ ਹੈ।

ਭਾਜਪਾ ਪ੍ਰਧਾਨ ਨੇ ਧਿਆਨ ਦਿਵਾਇਆ ਕਿ ਖਾਦਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਅਤੇ ਖਾਦ ਵਿਕਰੀ ਕੇਂਦਰਾਂ ਦੇ ਬਾਹਰ ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ। ਇਸ ਨਾਲ ਨਾ ਸਿਰਫ਼ ਬਿਜਾਈ ਵਿੱਚ ਦੇਰੀ ਹੁੰਦੀ ਹੈ, ਸਗੋਂ ਫ਼ਸਲ ਦੇ ਉਤਪਾਦਨ ਅਤੇ ਦੇਸ਼ ਦੀ ਅੰਨ ਸੁਰੱਖਿਆ ‘ਤੇ ਵੀ ਮਾੜਾ ਅਸਰ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਖਾਦਾਂ ਦੀ ਕਮੀ ਦਾ ਫ਼ਾਇਦਾ ਚੁੱਕ ਕੇ ਕੁਝ ਗੈਰ-ਸਮਾਜਿਕ ਅਨਸਰ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਕਰਦੇ ਹਨ, ਜਿਸ ਕਾਰਨ ਕਿਸਾਨਾਂ ਨੂੰ ਨਿਰਧਾਰਤ ਕੀਮਤ ਤੋਂ ਵੱਧ ਭਾਅ ‘ਤੇ ਖਾਦ ਖਰੀਦਣ ਲਈ ਮਜਬੂਰ ਹੋਣਾ ਪੈਂਦਾ ਹੈ। ਇਸ ਨਾਲ ਕਿਸਾਨਾਂ ‘ਤੇ ਵਾਧੂ ਆਰਥਿਕ ਬੋਝ ਪੈਂਦਾ ਹੈ।

ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਕੋਲ ਮੰਗ ਰੱਖੀ ਕਿ ਪੰਜਾਬ ਲਈ ਡੀ.ਏ.ਪੀ. ਖਾਦ ਦਾ ਵਾਧੂ ਕੋਟਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਆਉਣ ਵਾਲੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ 2 ਤੋਂ 3 ਲੱਖ ਮੀਟ੍ਰਿਕ ਟਨ ਦਾ ਬਫਰ ਸਟਾਕ ਪਹਿਲਾਂ ਹੀ ਤਿਆਰ ਰੱਖਿਆ ਜਾਵੇ।

ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਯੂਰੀਆ ਖਾਦ ਦੀ ਸਪਲਾਈ ਲਈ ਇੱਕ ਮਹੀਨਾਵਾਰ ਸ਼ਡਿਊਲ ਤਿਆਰ ਕਰਕੇ ਪੰਜਾਬ ਸਰਕਾਰ ਨਾਲ ਸਾਂਝਾ ਕੀਤਾ ਜਾਵੇ, ਤਾਂ ਜੋ ਵੰਡ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਕੇਂਦਰੀ ਮੰਤਰਾਲੇ, ਇਫ਼ਕੋ, ਐਨ.ਐਫ.ਐਲ. ਅਤੇ ਪੰਜਾਬ ਸਰਕਾਰ ਵਿਚਕਾਰ ਇੱਕ ਰੀਅਲ-ਟਾਈਮ ਨਿਗਰਾਨੀ ਪ੍ਰਣਾਲੀ ਸਥਾਪਤ ਕਰਨ ਦੀ ਮੰਗ ਕੀਤੀ, ਤਾਂ ਜੋ ਖਾਦਾਂ ਦੀ ਸਪਲਾਈ ‘ਤੇ ਨਿਗਰਾਨੀ ਰੱਖੀ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਬਣਾਵਟੀ ਕਮੀ ਨੂੰ ਰੋਕਿਆ ਜਾ ਸਕੇ।

ਭਾਜਪਾ ਪ੍ਰਧਾਨ ਨੇ ਪੰਜਾਬ ਦੇ ਹਿੱਸੇ ਦੀ ਸਬਸਿਡੀ ਵਾਲੀ ਖਾਦ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਦੂਜੇ ਰਾਜਾਂ ਵਿੱਚ ਭੇਜਣ ਅਤੇ ਗੈਰ-ਕਾਨੂੰਨੀ ਸਟਾਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ।

ਪੱਤਰ ਦੇ ਅੰਤ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਦੇਸ਼ ਦੀ ਅੰਨ ਸੁਰੱਖਿਆ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ। ਇਸ ਲਈ ਖਾਦਾਂ ਦੀ ਵੰਡ ਦੇ ਮੌਜੂਦਾ ਫਾਰਮੂਲੇ ਦੀ ਸਮੀਖਿਆ ਕਰਕੇ ਪੰਜਾਬ ਨੂੰ ਉਸ ਦੀ ਅਸਲ ਲੋੜ ਦੇ ਮੁਤਾਬਕ ਵੱਧ ਕੋਟਾ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਉਮੀਦ ਜਤਾਈ ਕਿ ਕੇਂਦਰੀ ਮੰਤਰੀ ਜੇ.ਪੀ. ਨੱਢਾ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਲੋੜੀਂਦੇ ਕਦਮ ਚੁੱਕਣਗੇ ਅਤੇ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਗੇ।

Leave a Reply

Your email address will not be published. Required fields are marked *