ਤੀਖੀ ਗਰਮੀ ਅਤੇ ਲੂ ਦੇ ਲੰਮੇ ਦੌਰ ਤੋਂ ਬਾਅਦ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਪੱਛਮੀ ਵਿਘਨ (ਵੈਸਟਰਨ ਡਿਸਟਰਬੈਂਸ) ਸਰਗਰਮ ਹੋਣ ਕਾਰਨ ਵੀਰਵਾਰ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਵਿੱਚ ਕਮੀ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦਾ ਔਸਤ ਤਾਪਮਾਨ ਕਰੀਬ 3.8 ਡਿਗਰੀ ਸੈਲਸੀਅਸ ਘਟਿਆ ਹੈ ਅਤੇ ਇਹ ਆਮ ਤਾਪਮਾਨ ਨਾਲੋਂ 2.5 ਡਿਗਰੀ ਹੇਠਾਂ ਆ ਗਿਆ ਹੈ।
ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਚਾਰ ਦਿਨਾਂ ਲਈ ਗਰਜ-ਚਮਕ, ਬਿਜਲੀ ਚਮਕਣ, ਤੇਜ਼ ਹਵਾਵਾਂ ਅਤੇ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। 12 ਜੂਨ ਲਈ ਪੂਰੇ ਪੰਜਾਬ ਵਿੱਚ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਮੌਸਮ ਲਗਾਤਾਰ ਸਰਗਰਮ ਰਹੇਗਾ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 13 ਤੋਂ 17 ਜੂਨ ਤੱਕ ਮੀਂਹ ਅਤੇ ਤੇਜ਼ ਹਵਾਵਾਂ ਦਾ ਦੌਰ ਜਾਰੀ ਰਹਿ ਸਕਦਾ ਹੈ। ਇਸੇ ਤਰ੍ਹਾਂ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਵੀ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਹਿਮਾਚਲ ਪ੍ਰਦੇਸ਼ ਵਿੱਚ ਵੀ ਅਗਲੇ ਕੁਝ ਦਿਨ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ ਧੂੜ ਭਰੀ ਆੰਧੀ ਚੱਲਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ।
