ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਅਦਾਕਾਰਾ ਸੰਚਿਤਾ ਉਗਲੇ ਦਾ 30 ਸਾਲ ਦੀ ਉਮਰ ਵਿੱਚ ਦੇਹਾਂਤ

ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਟੈਲੀਵਿਜ਼ਨ ਦੀ ਮਸ਼ਹੂਰ ਅਦਾਕਾਰਾ ਸੰਚਿਤਾ ਉਗਲੇ ਦਾ 30 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਟੀਵੀ ਅਤੇ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੰਚਿਤਾ ਦੀ ਲਾਸ਼ ਮੁੰਬਈ ਦੇ ਨਾਲਾਸੋਪਾਰਾ ਸਥਿਤ ਉਨ੍ਹਾਂ ਦੇ ਘਰ ਤੋਂ ਮਿਲੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਇਹ ਘਟਨਾ ਐਤਵਾਰ ਸ਼ਾਮ ਕਰੀਬ 6:30 ਤੋਂ 7:30 ਵਜੇ ਦੇ ਦਰਮਿਆਨ ਵਾਪਰੀ। ਉਸ ਸਮੇਂ ਸੰਚਿਤਾ ਆਪਣੇ ਘਰ ਵਿੱਚ ਇਕੱਲੀ ਸੀ। ਉਹ ਆਪਣੇ ਮਾਪਿਆਂ ਅਤੇ 15 ਸਾਲਾ ਭੈਣ ਨਾਲ ਨਾਲਾਸੋਪਾਰਾ ਪੂਰਬ ਦੇ ਅਚੋਲ ਪਿੰਡ ਇਲਾਕੇ ਵਿੱਚ ਰਹਿੰਦੀ ਸੀ।

ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਨ੍ਹਾਂ ਨੂੰ ਨਗਰ ਨਿਗਮ ਦੇ ਤੁਲਿੰਜ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

ਸੰਚਿਤਾ ਉਗਲੇ ਨੇ ਆਪਣੇ ਕਰੀਅਰ ਦੌਰਾਨ ਕਈ ਪ੍ਰਸਿੱਧ ਟੀਵੀ ਸੀਰੀਅਲਾਂ ਅਤੇ ਫ਼ਿਲਮਾਂ ਵਿੱਚ ਕੰਮ ਕੀਤਾ। ਉਹ “ਦਿਲਵਾਲੀ ਦੁਲਹਾ ਲੇ ਜਾਏਂਗੇ” ਵਿੱਚ ਸੁਕੂਨ ਦੇ ਕਿਰਦਾਰ ਰਾਹੀਂ ਦਰਸ਼ਕਾਂ ਵਿੱਚ ਖ਼ਾਸ ਪਹਿਚਾਣ ਬਣਾਉਣ ਵਿੱਚ ਕਾਮਯਾਬ ਰਹੀ। ਇਸ ਤੋਂ ਇਲਾਵਾ ਉਹ “ਕੁਮਕੁਮ ਭਾਗਿਆ”, “ਵਾਗਲੇ ਕੀ ਦੁਨੀਆ” ਵਰਗੇ ਮਸ਼ਹੂਰ ਟੀਵੀ ਸ਼ੋਅਜ਼ ਵਿੱਚ ਵੀ ਨਜ਼ਰ ਆਈ ਸੀ।

ਫ਼ਿਲਮੀ ਪਰਦੇ ‘ਤੇ ਵੀ ਸੰਚਿਤਾ ਨੇ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ। ਉਹ ਇਤਿਹਾਸਕ ਫ਼ਿਲਮ “ਛਾਵਾ” ਵਿੱਚ ਤਾਰਾਬਾਈ ਦੇ ਕਿਰਦਾਰ ਵਿੱਚ ਦਿਖਾਈ ਦਿੱਤੀ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਸਰਾਹਿਆ ਗਿਆ।

ਸੰਚਿਤਾ ਉਗਲੇ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਸਰਗਰਮ ਰਹਿੰਦੀ ਸੀ। ਉਹ ਆਪਣੇ ਪ੍ਰਸ਼ੰਸਕਾਂ ਨਾਲ ਅਕਸਰ ਤਸਵੀਰਾਂ, ਵੀਡੀਓਜ਼ ਅਤੇ ਨਿੱਜੀ ਪਲ ਸਾਂਝੇ ਕਰਦੀ ਰਹਿੰਦੀ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਤੋਂ ਕੁਝ ਘੰਟੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਪੋਸਟ ਕੀਤੀ ਸੀ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਸੰਚਿਤਾ ਉਗਲੇ ਦੇ ਅਚਾਨਕ ਦਿਹਾਂਤ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਮਨੋਰੰਜਨ ਜਗਤ ਵਿੱਚ ਡੂੰਘਾ ਸੋਗ ਪਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *