ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਕਥਿਤ ਵਿਵਾਦਤ ਵੀਡੀਓ ਨੂੰ ਲੈ ਕੇ ਸੂਬੇ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਇਸ ਮਾਮਲੇ ‘ਚ ਆਮ ਆਦਮੀ ਪਾਰਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਵਿਰੋਧੀਆਂ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਨੇ ਚੰਡੀਗੜ੍ਹ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦੋ ਸੁਤੰਤਰ ਲੈਬਾਰਟਰੀਆਂ ਦੀਆਂ ਰਿਪੋਰਟਾਂ ਜਨਤਕ ਕੀਤੀਆਂ। ਪਾਰਟੀ ਦਾ ਦਾਅਵਾ ਹੈ ਕਿ ਇਹ ਦੋਵੇਂ ਲੈਬਾਂ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹਨ ਅਤੇ ਪੰਜਾਬ ਤੋਂ ਬਾਹਰ ਸਥਿਤ ਹਨ।
ਆਪ ਆਗੂਆਂ ਮੁਤਾਬਕ ਜਾਂਚ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਚਿਹਰੇ, ਸਰੀਰ ਦੀ ਬਣਤਰ, ਹਾਵ-ਭਾਵ ਅਤੇ ਚਾਲ ਸਮੇਤ ਕੁੱਲ 1,191 ਵੱਖ-ਵੱਖ ਪੱਖਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਪਾਰਟੀ ਦਾ ਕਹਿਣਾ ਹੈ ਕਿ ਦੋਵੇਂ ਰਿਪੋਰਟਾਂ ਵਿੱਚ ਕਥਿਤ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਕੋਈ ਮੇਲ ਨਹੀਂ ਮਿਲਿਆ।
ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਇਹ ਵੀਡੀਓ ਮੁੱਖ ਮੰਤਰੀ ਦੀ ਨਹੀਂ ਹੈ, ਸਗੋਂ ਕਿਸੇ ਹੋਰ ਵਿਅਕਤੀ ਦੀ ਵੀਡੀਓ ਨੂੰ CM ਮਾਨ ਨਾਲ ਜੋੜ ਕੇ ਇੱਕ ਸਾਜ਼ਿਸ਼ ਤਹਿਤ ਫੈਲਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਕਾਨੂੰਨੀ ਜਾਂਚ ਲਈ ਪਾਰਟੀ ਵੱਲੋਂ ਪੰਜਾਬ ਦੇ ਡੀਜੀਪੀ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ।
