ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਰਕਾਰ ਵੱਲੋਂ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਈਟੀਆਈ ਪਾਸ ਨੌਜਵਾਨਾਂ ਲਈ 2,600 ਅਸਾਮੀਆਂ ਰਾਖਵੀਆਂ ਰੱਖੀਆਂ ਗਈਆਂ ਸਨ, ਜਿਸ ਲਈ ਕੰਪਿਊਟਰ ਅਧਾਰਿਤ ਪ੍ਰੀਖਿਆ ਵੀ ਕਰਵਾਈ ਗਈ ਸੀ।
ਚੀਮਾ ਨੇ ਦੱਸਿਆ ਕਿ ਇਸ ਪ੍ਰਕਿਰਿਆ ਤਹਿਤ 2,437 ਨੌਜਵਾਨ ਚੁਣੇ ਗਏ ਸਨ, ਜਿਨ੍ਹਾਂ ਨੇ PSPCL ਵਿੱਚ ਛੇ ਮਹੀਨੇ ਦੀ ਅਪ੍ਰੈਂਟਿਸਸ਼ਿਪ ਸਿਖਲਾਈ ਸਫਲਤਾਪੂਰਵਕ ਪੂਰੀ ਕਰ ਲਈ ਹੈ। ਸਰਕਾਰ ਨੇ ਹੁਣ ਇਨ੍ਹਾਂ ਨੌਜਵਾਨਾਂ ਨੂੰ ਸਿੱਧੇ ਤੌਰ ‘ਤੇ ਸਹਾਇਕ ਲਾਈਨਮੈਨ (ALM) ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਇਸੇ ਸੋਚ ਤਹਿਤ ਇਨ੍ਹਾਂ ਨੌਜਵਾਨਾਂ ਨੂੰ PSPCL ਵਿੱਚ ਸ਼ਾਮਲ ਕਰਨ ਲਈ ਕਾਨੂੰਨੀ ਰਾਏ ਵੀ ਲਈ ਗਈ ਹੈ ਅਤੇ ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਗਈਆਂ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਅਤੇ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਬਿਜਲੀ ਵਿਭਾਗ ਵਿੱਚ ਮਨੁੱਖੀ ਸਰੋਤਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਨੌਜਵਾਨਾਂ ਨੂੰ ਜਲਦ ਤੋਂ ਜਲਦ ਡਿਊਟੀ ‘ਤੇ ਤਾਇਨਾਤ ਕੀਤਾ ਜਾਵੇਗਾ। ਇਸ ਸਬੰਧੀ ਪ੍ਰਸਤਾਵ ਨੂੰ ਵੀ ਮਨਜ਼ੂਰੀ ਲਈ ਪੇਸ਼ ਕੀਤਾ ਜਾ ਰਿਹਾ ਹੈ।
ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਨਿਯੁਕਤੀ ਤੋਂ ਪਹਿਲਾਂ ਇਨ੍ਹਾਂ ਉਮੀਦਵਾਰਾਂ ਨੂੰ ਪੰਜਾਬੀ ਭਾਸ਼ਾ ਦੀ ਇੱਕ ਮੁੱਢਲੀ ਯੋਗਤਾ ਪ੍ਰੀਖਿਆ ਪਾਸ ਕਰਨੀ ਹੋਵੇਗੀ। ਪੰਜਾਬੀ ਪ੍ਰੀਖਿਆ ਵਿੱਚ ਸਫਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਸਹਾਇਕ ਲਾਈਨਮੈਨ (ALM) ਵਜੋਂ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਬਿਜਲੀ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।
