ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਉੱਤੇ ਲੱਗੇ “ਅਪਵਿੱਤਰ ਆਚਰਣ” ਅਤੇ ਸਿੱਖ ਗੁਰੂਆਂ ਦੇ ਅਪਮਾਨ ਨਾਲ ਜੁੜੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਇਹ ਉਨ੍ਹਾਂ ਦੀ ਛਵੀ ਖਰਾਬ ਕਰਨ ਲਈ ਚਲਾਈ ਜਾ ਰਹੀ ਗੰਦੀ ਰਾਜਨੀਤੀ ਦਾ ਹਿੱਸਾ ਹੈ।
ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਰੀ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਜਿਸ ਵੀਡੀਓ ਨੂੰ ਲੈ ਕੇ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ, ਉਹ ਪੂਰੀ ਤਰ੍ਹਾਂ ਫਰਜ਼ੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਨਾ ਤਾਂ ਉਨ੍ਹਾਂ ਦੇ ਹਾਵ-ਭਾਵ ਨਾਲ ਮੇਲ ਖਾਂਦਾ ਹੈ ਅਤੇ ਨਾ ਹੀ ਉਸ ਦੀ ਸ਼ਕਲ-ਸੂਰਤ ਉਨ੍ਹਾਂ ਵਰਗੀ ਹੈ। ਉਨ੍ਹਾਂ ਕਿਹਾ ਕਿ ਫੋਰੈਂਸਿਕ ਜਾਂਚ ਵਿੱਚ ਵੀ ਵੀਡੀਓ ਨੂੰ ਫਰਜ਼ੀ ਕਰਾਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਵਿਰੋਧੀ ਧਿਰ ਕੋਲ ਸਰਕਾਰ ਦੇ ਕੰਮਾਂ ਖ਼ਿਲਾਫ਼ ਕੋਈ ਮੁੱਦਾ ਨਹੀਂ ਰਹਿੰਦਾ ਤਾਂ ਉਹ ਧਰਮ ਦਾ ਸਹਾਰਾ ਲੈ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਪਤਾ ਹੈ ਕਿ ਸੱਚ ਕੀ ਹੈ ਅਤੇ ਝੂਠ ਕੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਵਿੱਚ ਰੋਜ਼ਗਾਰ, ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਆਪਣੀ ਸਰਕਾਰ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਦੀ ਲੋਕਪ੍ਰਿਯਤਾ ਤੋਂ ਘਬਰਾਕੇ ਅਜਿਹੀਆਂ ਸਾਜ਼ਿਸ਼ਾਂ ਰਚ ਰਹੀ ਹੈ।
ਦੂਜੇ ਪਾਸੇ ਭਾਜਪਾ ਨੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਹਮਲੇ ਕੀਤੇ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਵਾਲ ਕੀਤਾ ਕਿ ਜੇ ਮਾਮਲਾ ਇੰਨਾ ਗੰਭੀਰ ਹੈ ਤਾਂ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੀ ਚੁੱਪੀ ‘ਤੇ ਵੀ ਸਵਾਲ ਉਠਾਏ।
ਇਸ ਦੌਰਾਨ ਗੁਰੂਗ੍ਰਾਮ ਪੁਲਿਸ ਨੇ ਵਾਇਰਲ ਵੀਡੀਓ ਅਤੇ ਕਥਿਤ ਜਾਅਲੀ ਫੋਰੈਂਸਿਕ ਰਿਪੋਰਟ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਵੱਡੀ ਰਕਮ ਦੇ ਲੈਣ-ਦੇਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
