ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਣਗੇ ਅੰਮ੍ਰਿਤਪਾਲ ਸਿੰਘ, 21 ਨਵੰਬਰ ਨੂੰ 3 ਘੰਟਿਆਂ ਲਈ ਮਿਲੀ ਪੈਰੋਲ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ, ਜਦਕਿ ਅੰਤਿਮ ਅਰਦਾਸ ਦੀਆਂ ਬਾਕੀ ਰਸਮਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਣਗੇ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚਣਗੇ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ, ਜਦਕਿ ਅੰਤਿਮ ਅਰਦਾਸ ਦੀਆਂ ਬਾਕੀ ਰਸਮਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਣਗੇ।

ਉਨ੍ਹਾਂ ਦੇ ਪਿੰਡ ਪਹੁੰਚਣ ਤੋਂ ਪਹਿਲਾਂ ਜਥੇਬੰਦੀ 'ਵਾਰਿਸ ਪੰਜਾਬ ਦੇ' ਵੱਲੋਂ ਸਮਰਥਕਾਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ। ਜਥੇਬੰਦੀ ਨੇ ਕਿਹਾ ਹੈ ਕਿ 21 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਦੇ ਪਿੰਡ ਪਹੁੰਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ ਨਾ ਕੀਤੀ ਜਾਵੇ ਅਤੇ ਮਾਹੌਲ ਨੂੰ ਸ਼ਾਂਤੀਪੂਰਨ ਬਣਾਈ ਰੱਖਿਆ ਜਾਵੇ। ਇਸ ਦੇ ਨਾਲ ਹੀ ਅਦਾਲਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਤਰ੍ਹਾਂ ਦੀ ਸੁਰੱਖਿਆ ਸਬੰਧੀ ਸਮੱਸਿਆ ਪੈਦਾ ਹੁੰਦੀ ਹੈ ਤਾਂ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਲਿਜਾਇਆ ਜਾ ਸਕਦਾ ਹੈ ਅਤੇ ਅਦਾਲਤ ਵੱਲੋਂ ਦਿੱਤੀ ਗਈ ਇਜਾਜ਼ਤ ਵੀ ਰੱਦ ਹੋ ਸਕਦੀ ਹੈ।
ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਪਹੁੰਚਣ ਸਮੇਂ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਪਰਿਵਾਰ ਅਦਾਲਤ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇਗਾ ਅਤੇ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਗੂ ਨੂੰ ਮਿਲਣ ਸਮੇਂ ਅਨੁਸ਼ਾਸਨ ਬਣਾਈ ਰੱਖਣ।
ਸੁਖਚੈਨ ਸਿੰਘ ਨੇ ਦੱਸਿਆ ਕਿ ਨਵੇਂ ਹੁਕਮਾਂ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਨੂੰ ਪਿੰਡ ਲਿਆਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੇ ਦੁਪਹਿਰ 12 ਵਜੇ ਤੱਕ ਘਰ ਪਹੁੰਚਣ ਦੀ ਸੰਭਾਵਨਾ ਹੈ। ਹਾਲਾਂਕਿ, ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸਮੇਂ ਵਿੱਚ ਬਦਲਾਅ ਵੀ ਹੋ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸੰਸਕਾਰ ਪਹਿਲਾਂ 17 ਨਵੰਬਰ ਨੂੰ ਕੀਤਾ ਜਾਣਾ ਸੀ, ਪਰ ਬਾਅਦ ਵਿੱਚ ਇਸ ਦੀ ਤਰੀਕ ਬਦਲ ਕੇ 21 ਨਵੰਬਰ ਕਰ ਦਿੱਤੀ ਗਈ। ਇਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਦੇ ਚਾਚੇ ਹਰਜੀਤ ਸਿੰਘ ਅਤੇ ਸੁਖਮਨ ਸਿੰਘ ਵੱਲੋਂ ਦਾਇਰ ਪਟੀਸ਼ਨਾਂ ’ਤੇ ਵੀ ਸੁਣਵਾਈ ਕੀਤੀ ਜਾਵੇਗੀ।
ਅੰਤਿਮ ਸੰਸਕਾਰ ਦੇ ਖਰਚਿਆਂ ਬਾਰੇ ਗੱਲ ਕਰਦਿਆਂ ਸੁਖਚੈਨ ਸਿੰਘ ਨੇ ਕਿਹਾ ਕਿ ਪਰਿਵਾਰ ਨੇ ਸਰਕਾਰ ਨੂੰ ਸਾਰੇ ਖਰਚੇ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਤਾਂ ਉਨ੍ਹਾਂ ਨੂੰ ਲਿਆਉਣ ਅਤੇ ਵਾਪਸ ਲਿਜਾਣ ਸਮੇਤ ਇਸ ਨਾਲ ਜੁੜੇ ਖਰਚਿਆਂ ਦੀ ਜ਼ਿੰਮੇਵਾਰੀ ਵੀ ਸਰਕਾਰ ਨੂੰ ਚੁੱਕਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅੰਤਿਮ ਸੰਸਕਾਰ ਮੌਕੇ ਕਿਸੇ ਸਟੇਜ ਜਾਂ ਜਨਤਕ ਭਾਸ਼ਣ ਦਾ ਕੋਈ ਪ੍ਰੋਗਰਾਮ ਨਹੀਂ ਹੋਵੇਗਾ। ਇਹ ਪਰਿਵਾਰ ਲਈ ਦੁੱਖ ਦੀ ਘੜੀ ਹੈ ਅਤੇ ਸਿੱਖ ਰਵਾਇਤਾਂ ਮੁਤਾਬਕ ਕੀਰਤਨ, ਕਥਾ ਅਤੇ ਅਰਦਾਸ ਕਰਵਾਈ ਜਾਵੇਗੀ।



