LIVE TV
ਤਾਜ਼ਾ ਖ਼ਬਰਾਂ
ਸ਼ੁੱਕਰਵਾਰ, 13 ਨਵੰਬਰ 2026
ਪੰਜਾਬ

ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋ ਸਕਣਗੇ ਅੰਮ੍ਰਿਤਪਾਲ ਸਿੰਘ, ਅਦਾਲਤ ਨੇ ਦਿੱਤੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ

ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਨੇ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ। ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਅਤੇ ਸੁਖਮਨਦੀਪ ਨੂੰ ਦੋ ਦਿਨ ਦੀ ਅੰਤਰਿਮ ਜ਼ਮਾਨਤ ਮਿਲੀ ਹੈ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਹੁਣ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣਗੇ। ਅਦਾਲਤ ਨੇ ਉਨ੍ਹਾਂ ਨੂੰ ਇਸ ਮਕਸਦ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕੀਤੀ ਹੈ। ਉਹ 14 ਨਵੰਬਰ ਨੂੰ ਹੋਣ ਵਾਲੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ।

ਇਸ ਮਾਮਲੇ ਵਿੱਚ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਅਤੇ ਸੁਖਮਨਦੀਪ ਨੂੰ ਦੋ ਦਿਨ ਦੀ ਅੰਤਰਿਮ ਜ਼ਮਾਨਤ ਵੀ ਦਿੱਤੀ ਹੈ। ਇਹ ਰਾਹਤ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ, ਫੁੱਲ ਚੁਗਣ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੀ 84 ਸਾਲਾ ਦਾਦੀ ਮਾਤਾ ਚਰਨ ਕੌਰ ਦਾ ਲੰਬੀ ਬਿਮਾਰੀ ਤੋਂ ਬਾਅਦ 8 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ। ਪਰਿਵਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜਦੋਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਜ਼ਮਾਨਤ ਨਹੀਂ ਮਿਲਦੀ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।

ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਮਨੁੱਖੀ ਆਧਾਰ 'ਤੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਵਕੀਲਾਂ ਵੱਲੋਂ 14 ਤੋਂ 17 ਨਵੰਬਰ ਤੱਕ ਅੰਤਿਮ ਸਸਕਾਰ, ਅਸਥੀਆਂ ਜਲ ਪ੍ਰਵਾਹ ਕਰਨ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਾਹਤ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਸਿਰਫ਼ ਇੱਕ ਦਿਨ ਲਈ ਅੰਤਰਿਮ ਜ਼ਮਾਨਤ ਦੇਣ ਦੀ ਮਨਜ਼ੂਰੀ ਦਿੱਤੀ ਹੈ।