ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ
ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੂੰ ਕਥਿਤ ਤੌਰ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਵਿੱਚ ਬਾਬਾ ਸਿੱਦੀਕੀ ਕਤਲ ਕੇਸ ਦੇ ਮੁਲਜ਼ਮ ਜੀਸ਼ਾਨ ਅਖ਼ਤਰ ਦਾ ਨਾਂ ਸਾਹਮਣੇ ਆਇਆ ਹੈ।

ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਚਿੰਤਾ ਵਧ ਗਈ ਹੈ। ਅਦਾਕਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਬਾਬਾ ਸਿੱਦੀਕੀ ਕਤਲ ਕੇਸ ਦੇ ਲੋੜੀਂਦੇ ਮੁਲਜ਼ਮ ਜੀਸ਼ਾਨ ਅਖ਼ਤਰ ਦਾ ਨਾਂ ਸਾਹਮਣੇ ਆ ਰਿਹਾ ਹੈ। ਹਾਲਾਂਕਿ ਮੁੰਬਈ ਪੁਲਿਸ ਵੱਲੋਂ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਧਮਕੀ ਅਸਲ ਵਿੱਚ ਜੀਸ਼ਾਨ ਅਖ਼ਤਰ ਨੇ ਹੀ ਦਿੱਤੀ ਹੈ ਜਾਂ ਕਿਸੇ ਹੋਰ ਵਿਅਕਤੀ ਨੇ ਉਸ ਦੇ ਨਾਂ ਦੀ ਵਰਤੋਂ ਕੀਤੀ ਹੈ।
ਮੁੰਬਈ ਪੁਲਿਸ ਦੇ ਸੂਤਰਾਂ ਮੁਤਾਬਕ, ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਇੱਕ ਧਮਕੀ ਭਰੇ ਆਡੀਓ ਸੰਦੇਸ਼ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਸ ਪਿੱਛੇ ਕਿਸੇ ਗੈਂਗ ਦਾ ਹੱਥ ਹੈ ਜਾਂ ਕੋਈ ਵਿਅਕਤੀ ਜਾਅਲੀ ਪਛਾਣ ਰਾਹੀਂ ਅਦਾਕਾਰ ਨੂੰ ਧਮਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੁਲਿਸ ਵੱਲੋਂ ਆਡੀਓ ਦੀ ਆਵਾਜ਼ ਅਤੇ ਹੋਰ ਤਕਨੀਕੀ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਜੀਸ਼ਾਨ ਅਖ਼ਤਰ ਦਾ ਨਾਂ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਵਿੱਚ ਸਾਹਮਣੇ ਆਇਆ ਸੀ ਅਤੇ ਉਹ ਇਸ ਮਾਮਲੇ ਵਿੱਚ ਲੋੜੀਂਦਾ ਮੁਲਜ਼ਮ ਹੈ। ਇਸ ਤੋਂ ਪਹਿਲਾਂ ਵੀ ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਭਰੇ ਸੰਦੇਸ਼ ਮਿਲਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਉਨ੍ਹਾਂ ਮਾਮਲਿਆਂ ਵਿੱਚ ਪੁਲਿਸ ਨੇ ਬੈਂਗਲੁਰੂ ਤੋਂ ਵੈਭਵ ਮਿਸ਼ਰਾ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ 'ਤੇ AI ਤਕਨੀਕ ਦੀ ਵਰਤੋਂ ਕਰਕੇ ਧਮਕੀਆਂ ਦੇਣ ਦੇ ਦੋਸ਼ ਹਨ। ਪੁਲਿਸ ਮੁਤਾਬਕ ਉਸ ਦਾ ਕਿਸੇ ਗੈਂਗ ਨਾਲ ਸਬੰਧ ਨਹੀਂ ਸੀ।
ਜ਼ਿਕਰਯੋਗ ਹੈ ਕਿ 15 ਜਨਵਰੀ 2025 ਨੂੰ ਸੈਫ ਅਲੀ ਖ਼ਾਨ ਦੇ ਬਾਂਦਰਾ ਸਥਿਤ ਘਰ 'ਸਤਿਗੁਰੂ ਸ਼ਰਨ ਅਪਾਰਟਮੈਂਟ' ਵਿੱਚ ਇੱਕ ਵਿਅਕਤੀ ਦਾਖ਼ਲ ਹੋ ਗਿਆ ਸੀ। ਇਸ ਦੌਰਾਨ ਅਦਾਕਾਰ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਹੁਣ ਇੱਕ ਵਾਰ ਫਿਰ ਧਮਕੀ ਮਿਲਣ ਦੀ ਖ਼ਬਰ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।



