LIVE TV
ਤਾਜ਼ਾ ਖ਼ਬਰਾਂ
ਸ਼ਨਿੱਚਰਵਾਰ, 21 ਨਵੰਬਰ 2026
ਚੰਡੀਗੜ੍ਹ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ, 23 ਦਸੰਬਰ ਨੂੰ ਹੋਵੇਗੀ ਵੋਟਿੰਗ

ਚੰਡੀਗੜ੍ਹ ਨਗਰ ਨਿਗਮ ਦੇ 35 ਵਾਰਡਾਂ ਲਈ 23 ਦਸੰਬਰ ਨੂੰ ਵੋਟਿੰਗ ਹੋਵੇਗੀ, ਜਦਕਿ 26 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ। ਚੋਣਾਂ ਵਿੱਚ 4,60,209 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਅਤੇ ਸ਼ਹਿਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਜਾ ਰਹੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 35 ਵਾਰਡਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਐਲਾਨ ਮੁਤਾਬਕ 23 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਚੋਣਾਂ ਦੇ ਐਲਾਨ ਦੇ ਨਾਲ ਹੀ ਸ਼ਹਿਰ ਵਿੱਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ।

ਚੰਡੀਗੜ੍ਹ ਦੇ ਇਲੈਕਸ਼ਨ ਕਮਿਸ਼ਨਰ ਵਿਜੇ ਦੇਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਕੁੱਲ 4 ਲੱਖ 60 ਹਜ਼ਾਰ 209 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਚੋਣਾਂ ਲਈ ਸ਼ਹਿਰ ਵਿੱਚ 76 ਪੋਲਿੰਗ ਸਟੇਸ਼ਨ ਬਣਾਏ ਜਾਣਗੇ ਅਤੇ ਸਾਰੇ ਵੋਟਿੰਗ ਕੇਂਦਰਾਂ 'ਤੇ ਲਾਈਵ ਵੈੱਬਕਾਸਟਿੰਗ ਦੀ ਵਿਵਸਥਾ ਹੋਵੇਗੀ, ਤਾਂ ਜੋ ਪੂਰੀ ਪ੍ਰਕਿਰਿਆ 'ਤੇ ਨਜ਼ਰ ਰੱਖੀ ਜਾ ਸਕੇ।

ਚੋਣ ਕਮਿਸ਼ਨ ਵੱਲੋਂ ਨਾਮਜ਼ਦਗੀ ਪ੍ਰਕਿਰਿਆ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਮੁਤਾਬਕ 26 ਨਵੰਬਰ ਤੋਂ 3 ਦਸੰਬਰ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। 4 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ, ਜਦਕਿ 7 ਦਸੰਬਰ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ।

ਚੋਣ ਪ੍ਰਚਾਰ ਨੂੰ ਲੈ ਕੇ ਵੀ ਨਿਯਮ ਤੈਅ ਕੀਤੇ ਗਏ ਹਨ। ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਵੀ ਤਰ੍ਹਾਂ ਦਾ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ ਨਗਰ ਨਿਗਮ ਚੋਣਾਂ ਨਾਲ ਸਬੰਧਤ ਇੱਕ ਐਪ ਵੀ ਉਪਲਬਧ ਕਰਵਾਇਆ ਜਾਵੇਗਾ। ਇਸ ਰਾਹੀਂ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਲਾਈਵ ਵੇਟਿੰਗ ਟਾਈਮ ਦੀ ਜਾਣਕਾਰੀ ਮਿਲ ਸਕੇਗੀ।

ਦੱਸ ਦੇਈਏ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ ਅਤੇ ਕੌਂਸਲਰਾਂ ਦੀ ਚੋਣ ਪੰਜ ਸਾਲਾਂ ਲਈ ਕੀਤੀ ਜਾਂਦੀ ਹੈ। ਹਾਲਾਂਕਿ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ, ਜਿਸ ਵਿੱਚ ਚੁਣੇ ਹੋਏ ਕੌਂਸਲਰ ਆਪਣਾ ਮੇਅਰ ਚੁਣਦੇ ਹਨ। ਨਗਰ ਨਿਗਮ ਦੀਆਂ ਪਿਛਲੀਆਂ ਚੋਣਾਂ ਦਸੰਬਰ 2021 ਵਿੱਚ ਹੋਈਆਂ ਸਨ ਅਤੇ ਹੁਣ ਮੌਜੂਦਾ ਕਾਰਜਕਾਲ ਪੂਰਾ ਹੋਣ ਜਾ ਰਿਹਾ ਹੈ।