ਸੰਗਰੂਰ 'ਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਚਾਨਕ ਚੈਕਿੰਗ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਦੇ GST ਅਤੇ ਆਬਕਾਰੀ ਵਿਭਾਗ ਦੇ ਦਫ਼ਤਰ ਵਿੱਚ ਅਚਾਨਕ ਚੈਕਿੰਗ ਕਰਦਿਆਂ ਹਾਜ਼ਰੀ ਰਜਿਸਟਰ ਅਤੇ ਸਰਕਾਰੀ ਰਿਕਾਰਡ ਦੀ ਜਾਂਚ ਕੀਤੀ, ਜਿਸ ਦੌਰਾਨ ਕਈ ਮੁਲਾਜ਼ਮ ਗੈਰ-ਹਾਜ਼ਰ ਮਿਲੇ। ਉਨ੍ਹਾਂ ਨੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਨੂੰ ਸਖ਼ਤ ਵਿਭਾਗੀ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਸਮੇਂ ਸਿਰ ਦਫ਼ਤਰ ਪਹੁੰਚਣ ਦੇ ਨਿਰਦੇਸ਼ ਦਿੱਤੇ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ ਵਿਭਾਗ ਦੇ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦਫ਼ਤਰ ਦੇ ਹਾਜ਼ਰੀ ਰਜਿਸਟਰ ਅਤੇ ਸਰਕਾਰੀ ਰਿਕਾਰਡ ਦੀ ਜਾਂਚ ਕੀਤੀ ਅਤੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਤੋਂ ਜਵਾਬ ਮੰਗੇ।
ਦਫ਼ਤਰ ਪਹੁੰਚਦਿਆਂ ਹੀ ਵਿੱਤ ਮੰਤਰੀ ਨੇ ਮੁਲਾਜ਼ਮਾਂ ਦੀ ਹਾਜ਼ਰੀ ਦਾ ਰਿਕਾਰਡ ਤਲਬ ਕੀਤਾ। ਰਜਿਸਟਰ ਦੀ ਜਾਂਚ ਦੌਰਾਨ ਇਹ ਦੇਖਿਆ ਗਿਆ ਕਿ ਸਰਕਾਰੀ ਮੁਲਾਜ਼ਮ ਆਪਣੇ ਨਿਰਧਾਰਤ ਸਮੇਂ ਅਨੁਸਾਰ ਡਿਊਟੀ 'ਤੇ ਪਹੁੰਚ ਰਹੇ ਹਨ ਜਾਂ ਨਹੀਂ। ਇਸ ਦੌਰਾਨ ਕਈ ਅਧਿਕਾਰੀ ਅਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ।
ਇਸ 'ਤੇ ਹਰਪਾਲ ਸਿੰਘ ਚੀਮਾ ਨੇ ਸਖ਼ਤ ਰੁਖ਼ ਅਪਣਾਉਂਦਿਆਂ ਗੈਰ-ਹਾਜ਼ਰ ਅਤੇ ਦੇਰ ਨਾਲ ਦਫ਼ਤਰ ਪਹੁੰਚਣ ਵਾਲੇ ਮੁਲਾਜ਼ਮਾਂ ਨੂੰ ਸਖ਼ਤ ਵਿਭਾਗੀ ਕਾਰਵਾਈ ਦੀ ਚਿਤਾਵਨੀ ਦਿੱਤੀ। ਉਨ੍ਹਾਂ ਨੇ ਦਫ਼ਤਰ ਦੇ ਕੰਮਕਾਜ ਸਬੰਧੀ ਵੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ।
ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਦੀ ਪਾਬੰਦੀ ਨੂੰ ਨਜ਼ਰਅੰਦਾਜ਼ ਕਰਨਾ ਇੱਕ ਚਲਨ ਬਣਦਾ ਜਾ ਰਿਹਾ ਹੈ, ਜੋ ਕਿਸੇ ਵੀ ਸਰਕਾਰੀ ਪ੍ਰਬੰਧ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਅਜਿਹੀ ਲਾਪਰਵਾਹੀ ਨਾਲ ਸਰਕਾਰੀ ਕੰਮਕਾਜ ਪ੍ਰਭਾਵਿਤ ਹੁੰਦਾ ਹੈ।



