ਪੰਜਾਬ ਦੀਆਂ ਗਊਸ਼ਾਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, 100 ਕਰੋੜ ਰੁਪਏ ਦਾ ਫੰਡ ਜਾਰੀ ਹੋਵੇਗਾ
ਬੇਸਹਾਰਾ ਪਸ਼ੂਆਂ ਦੀ ਦੇਖਭਾਲ ਕਰਨ ਵਾਲੀਆਂ ਗਊਸ਼ਾਲਾਵਾਂ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਗਊਸ਼ਾਲਾਵਾਂ ਦੀ ਮਦਦ ਲਈ 100 ਕਰੋੜ ਰੁਪਏ ਦਾ ਫੰਡ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
-800x450.webp)
ਪੰਜਾਬ ਵਿੱਚ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਕਰਨ ਵਾਲੀਆਂ ਗਊਸ਼ਾਲਾਵਾਂ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਗਊਸ਼ਾਲਾਵਾਂ ਦੀ ਮਦਦ ਲਈ 100 ਕਰੋੜ ਰੁਪਏ ਦਾ ਫੰਡ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਅਮਨ ਅਰੋੜਾ ਮੁਤਾਬਕ, ਪੰਜਾਬ ਵਿੱਚ ਇਸ ਸਮੇਂ 500 ਰਜਿਸਟਰਡ ਗਊਸ਼ਾਲਾਵਾਂ ਅਤੇ 20 ਕੈਟਲ ਪੌਂਡ ਹਨ। ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਇਹ ਫੰਡ ਇਨ੍ਹਾਂ ਸੰਸਥਾਵਾਂ ਨੂੰ ਪਸ਼ੂਆਂ ਦੀ ਦੇਖਭਾਲ ਲਈ ਸਹਾਇਤਾ ਦੇਵੇਗਾ।
ਇਸ ਦੇ ਨਾਲ ਹੀ ਸਰਕਾਰ ਨੇ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦਾ ਵੀ ਫੈਸਲਾ ਕੀਤਾ ਹੈ। ਜਿਨ੍ਹਾਂ ਗਊਸ਼ਾਲਾਵਾਂ ਦੇ ਪੁਰਾਣੇ ਬਿਜਲੀ ਬਿੱਲ ਬਕਾਇਆ ਸਨ, ਉਨ੍ਹਾਂ ਨੂੰ ਵੀ ਮੁਆਫ਼ ਕਰ ਦਿੱਤਾ ਗਿਆ ਹੈ।
ਹੁਣ ਤੱਕ ਸਰਕਾਰ ਵੱਲੋਂ ਮੁੱਖ ਤੌਰ ’ਤੇ ਸ਼ਹਿਰੀ ਖੇਤਰਾਂ ਦੀਆਂ ਗਊਸ਼ਾਲਾਵਾਂ ਨੂੰ ਫੰਡ ਦਿੱਤਾ ਜਾਂਦਾ ਸੀ, ਪਰ ਹੁਣ ਇਸ ਦਾ ਲਾਭ ਪੇਂਡੂ ਖੇਤਰਾਂ ਦੀਆਂ ਗਊਸ਼ਾਲਾਵਾਂ ਨੂੰ ਵੀ ਮਿਲੇਗਾ।
ਅਮਨ ਅਰੋੜਾ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਦੀਆਂ 228 ਗਊਸ਼ਾਲਾਵਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ਦੀਆਂ 272 ਗਊਸ਼ਾਲਾਵਾਂ ਨੂੰ ਵੀ ਇਸ ਫੰਡ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤਹਿਤ ਪ੍ਰਤੀ ਪਸ਼ੂ 4,538 ਰੁਪਏ ਦਿੱਤੇ ਜਾਣਗੇ।
ਫੰਡ ਜਾਰੀ ਕਰਨ ਦੀ ਗੱਲ ਕਰੀਏ ਤਾਂ ਸ਼ਹਿਰੀ ਖੇਤਰਾਂ ਵਿੱਚ ਇਹ ਰਾਸ਼ੀ ਨਗਰ ਨਿਗਮ ਕਮਿਸ਼ਨਰਾਂ ਅਤੇ ਪੇਂਡੂ ਖੇਤਰਾਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਪਹੁੰਚਾਈ ਜਾਵੇਗੀ। ਮੰਤਰੀ ਮੁਤਾਬਕ, ਸਾਰੀਆਂ ਰਜਿਸਟਰਡ ਗਊਸ਼ਾਲਾਵਾਂ ਨੂੰ ਦੋ ਦਿਨਾਂ ਦੇ ਅੰਦਰ ਫੰਡ ਜਾਰੀ ਕਰ ਦਿੱਤਾ ਜਾਵੇਗਾ।
ਅਮਨ ਅਰੋੜਾ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਕਰੀਬ 2 ਲੱਖ 20 ਹਜ਼ਾਰ ਗਊਧਨ ਦੀ ਦੇਖਭਾਲ ਲਈ ਇਹ ਫੈਸਲਾ ਲਿਆ ਗਿਆ ਹੈ। ਗਊਸ਼ਾਲਾਵਾਂ ਦੇ ਸੰਚਾਲਕ ਲੰਮੇ ਸਮੇਂ ਤੋਂ ਫੰਡ ਦੀ ਮੰਗ ਕਰ ਰਹੇ ਸਨ। ਖ਼ਾਸ ਕਰਕੇ ਪੇਂਡੂ ਖੇਤਰਾਂ ਵਿੱਚ ਦਾਨ ਦੀ ਘਾਟ ਕਾਰਨ ਗਊਸ਼ਾਲਾਵਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਹੁਣ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਐਲਾਨਿਆ ਗਿਆ ਇਹ 100 ਕਰੋੜ ਰੁਪਏ ਦਾ ਫੰਡ ਗਊਸ਼ਾਲਾਵਾਂ ਤੱਕ ਕਿੰਨੀ ਜਲਦੀ ਪਹੁੰਚਦਾ ਹੈ ਅਤੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਵਿੱਚ ਕਿੰਨੀ ਮਦਦਗਾਰ ਸਾਬਤ ਹੁੰਦਾ ਹੈ।



