LIVE TV
ਤਾਜ਼ਾ ਖ਼ਬਰਾਂ
ਸ਼ਨਿੱਚਰਵਾਰ, 21 ਨਵੰਬਰ 2026
ਪੰਜਾਬ

ਕਬੱਡੀ ਸਟਾਰ ਯਾਦਾ ਸੁਰਖਪੁਰੀਆ ਨੇ ਫੜਿਆ 'ਆਪ' ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਪਾਰਟੀ 'ਚ ਸਵਾਗਤ

ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ਯਾਦਾ ਸੁਰਖਪੁਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਰੰਗਲਾ ਪੰਜਾਬ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਪੰਜਾਬ ਦੀ ਸਿਆਸਤ ਵਿੱਚ ਖੇਡ ਜਗਤ ਨਾਲ ਜੁੜੀ ਇੱਕ ਹੋਰ ਸ਼ਖ਼ਸੀਅਤ ਦੀ ਐਂਟਰੀ ਹੋਈ ਹੈ। ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ਉਰਫ਼ ਯਾਦਾ ਸੁਰਖਪੁਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਲਕਾ ਸੁਲਤਾਨਪੁਰ ਲੋਧੀ ਨਾਲ ਸਬੰਧਤ ਯਾਦਾ ਸੁਰਖਪੁਰੀਆ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਆਸੀ ਜੀਵਨ ਦੀ ਨਵੀਂ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯਾਦਾ ਸੁਰਖਪੁਰੀਆ ਨੇ ਆਪਣੀ ਖੇਡ ਦੇ ਦਮ 'ਤੇ ਪੰਜਾਬ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ। ਉਹ ਵਰਲਡ ਕੱਪ ਦੇ ਬੈਸਟ ਸਟੌਪਰ ਰਹਿ ਚੁੱਕੇ ਹਨ ਅਤੇ ਇਸ ਸਮੇਂ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਯਾਦਾ ਸੁਰਖਪੁਰੀਆ ਵਰਗੇ ਖੇਡ ਖੇਤਰ ਨਾਲ ਜੁੜੇ ਲੋਕਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਉਤਸ਼ਾਹ ਮਿਲੇਗਾ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਮੁਹਿੰਮ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਯਾਦਾ ਸੁਰਖਪੁਰੀਆ ਨੂੰ ਰੰਗਲਾ ਪੰਜਾਬ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ, ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਕਿਰਨਜੀਤ ਕੌਰ ਅਤੇ ਸੰਗਠਨ ਇੰਚਾਰਜ ਸੰਨੀ ਰੱਤੜਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਪਾਰਟੀ ਆਗੂਆਂ ਨੇ ਵੀ ਯਾਦਾ ਸੁਰਖਪੁਰੀਆ ਦਾ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਯਾਦਾ ਸੁਰਖਪੁਰੀਆ ਨੇ ਕਬੱਡੀ ਦੇ ਮੈਦਾਨ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਖੇਡਾਂ ਦੇ ਨਾਲ-ਨਾਲ ਉਹ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਵੀ ਸਥਾਨਕ ਪੱਧਰ 'ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਹੁਣ ਉਨ੍ਹਾਂ ਨੇ ਸਿਆਸੀ ਸਫ਼ਰ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਨਾਲ ਕੀਤੀ ਹੈ।