LIVE TV
ਤਾਜ਼ਾ ਖ਼ਬਰਾਂ
ਸ਼ਨਿੱਚਰਵਾਰ, 21 ਨਵੰਬਰ 2026
ਪੰਜਾਬ

PSEB ਵੱਲੋਂ 2027 ਦੀਆਂ 8ਵੀਂ, 10ਵੀਂ ਤੇ 12ਵੀਂ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਜਨਵਰੀ ਤੋਂ ਸ਼ੁਰੂ ਹੋਣਗੀਆਂ ਪ੍ਰੈਕਟੀਕਲ ਪ੍ਰੀਖਿਆਵਾਂ

PSEB ਨੇ 2027 ਲਈ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ, ਪ੍ਰੈਕਟੀਕਲ ਪ੍ਰੀਖਿਆਵਾਂ 8 ਜਨਵਰੀ ਤੋਂ ਸ਼ੁਰੂ ਹੋਣਗੀਆਂ। 8ਵੀਂ ਅਤੇ 12ਵੀਂ ਦੀਆਂ ਲਿਖਤੀ ਪ੍ਰੀਖਿਆਵਾਂ 5 ਮਾਰਚ ਅਤੇ 10ਵੀਂ ਦੀਆਂ 19 ਮਾਰਚ ਤੋਂ ਸ਼ੁਰੂ ਹੋਣਗੀਆਂ; ਵਿਸਥਾਰਤ ਡੇਟਸ਼ੀਟ ਬਾਅਦ ਵਿੱਚ ਜਾਰੀ ਹੋਵੇਗੀ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਅਹਿਮ ਐਲਾਨ ਕੀਤਾ ਗਿਆ ਹੈ। ਬੋਰਡ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ 2027 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰੀਖਿਆਵਾਂ ਦੀਆਂ ਤਰੀਕਾਂ ਪਹਿਲਾਂ ਹੀ ਨਿਰਧਾਰਤ ਕੀਤੀਆਂ ਗਈਆਂ ਹਨ, ਤਾਂ ਜੋ ਚੋਣ ਪ੍ਰਬੰਧਾਂ ਕਾਰਨ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਪ੍ਰਭਾਵਿਤ ਨਾ ਹੋਣ।

ਜਾਰੀ ਕੀਤੇ ਸ਼ਡਿਊਲ ਅਨੁਸਾਰ ਤਿੰਨੋਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 8 ਜਨਵਰੀ ਤੋਂ 20 ਜਨਵਰੀ 2027 ਤੱਕ ਕਰਵਾਈਆਂ ਜਾਣਗੀਆਂ। ਇਸ ਤੋਂ ਬਾਅਦ 8ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 5 ਮਾਰਚ ਤੋਂ ਸ਼ੁਰੂ ਹੋਣਗੀਆਂ, ਜਦਕਿ 10ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਲਿਖਤੀ ਪ੍ਰੀਖਿਆਵਾਂ 19 ਮਾਰਚ ਤੋਂ ਸ਼ੁਰੂ ਹੋਣਗੀਆਂ।

ਪ੍ਰੀਖਿਆਵਾਂ ਦੀ ਸਮਾਪਤੀ ਦੀਆਂ ਤਰੀਕਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। 8ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 18 ਮਾਰਚ, 10ਵੀਂ ਜਮਾਤ ਦੀਆਂ 20 ਅਪ੍ਰੈਲ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 23 ਅਪ੍ਰੈਲ 2027 ਤੱਕ ਚੱਲਣਗੀਆਂ। 10ਵੀਂ ਅਤੇ 12ਵੀਂ ਦੀਆਂ ਲਿਖਤੀ ਪ੍ਰੀਖਿਆਵਾਂ ਵਿੱਚ ਓਪਨ ਸਕੂਲ ਦੇ ਵਿਦਿਆਰਥੀ ਵੀ ਸ਼ਾਮਲ ਹੋਣਗੇ।

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਪੀਲ ਕੀਤੀ ਹੈ ਕਿ ਉਹ ਇਸ ਸਮੇਂ ਦੀ ਸਹੀ ਵਰਤੋਂ ਕਰਕੇ ਪੂਰੀ ਮਿਹਨਤ ਅਤੇ ਆਤਮਵਿਸ਼ਵਾਸ ਨਾਲ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਬੋਰਡ ਪ੍ਰੀਖਿਆਵਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।

ਬੋਰਡ ਵੱਲੋਂ ਵਿਸਥਾਰਤ ਡੇਟਸ਼ੀਟ ਬਾਅਦ ਵਿੱਚ ਵੱਖਰੇ ਤੌਰ ’ਤੇ ਜਾਰੀ ਕੀਤੀ ਜਾਵੇਗੀ। ਵਿਦਿਆਰਥੀ ਪ੍ਰੀਖਿਆਵਾਂ ਨਾਲ ਸਬੰਧਤ ਅਪਡੇਟਸ ਅਤੇ ਡੇਟਸ਼ੀਟ PSEB ਦੀ ਅਧਿਕਾਰਤ ਵੈੱਬਸਾਈਟ www.pseb.ac.in ’ਤੇ ਦੇਖ ਸਕਣਗੇ।