ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ਖਾਰਜ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ
ਦਿੱਲੀ ਹਾਈ ਕੋਰਟ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਸਰਕਾਰ ਦਾ ਨੀਤੀਗਤ ਫ਼ੈਸਲਾ ਹੈ। ਅਦਾਲਤ ਨੇ ਸੰਸਥਾ ਵੱਲੋਂ ਸਰਕਾਰ ਨੂੰ ਭੇਜੇ ਮੰਗ ਪੱਤਰ 'ਤੇ ਸਬੰਧਤ ਅਧਿਕਾਰੀਆਂ ਨੂੰ ਵਿਚਾਰ ਕਰਨ ਲਈ ਕਿਹਾ ਹੈ, ਜਦਕਿ ਲਾਂਘਾ 7 ਮਈ 2025 ਤੋਂ ਬੰਦ ਹੈ।

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਉਡੀਕ ਕਰ ਰਹੀਆਂ ਸੰਗਤਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਿੱਲੀ ਹਾਈ ਕੋਰਟ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਲਾਂਘਾ ਬੰਦ ਕਰਨ ਦਾ ਫ਼ੈਸਲਾ ਸਰਕਾਰ ਵੱਲੋਂ ਦੇਸ਼ ਦੇ ਨਾਗਰਿਕਾਂ ਦੇ ਹਿੱਤ ਵਿੱਚ ਲਿਆ ਗਿਆ ਨੀਤੀਗਤ ਫ਼ੈਸਲਾ ਹੈ।
ਬੁੱਧਵਾਰ ਨੂੰ ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੂਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੇ ਡਿਵੀਜ਼ਨ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਪਿਛਲੇ ਸਾਲ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਲਾਂਘਾ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਬੈਂਚ ਨੇ ਸਪੱਸ਼ਟ ਕੀਤਾ ਕਿ ਸੰਵਿਧਾਨ ਦੀ ਧਾਰਾ 226 ਤਹਿਤ ਸਰਕਾਰ ਦੇ ਇਸ ਨੀਤੀਗਤ ਫ਼ੈਸਲੇ ਵਿੱਚ ਦਖ਼ਲ ਦੇਣ ਦਾ ਕੋਈ ਆਧਾਰ ਨਹੀਂ ਬਣਦਾ।
ਇਹ ਜਨਹਿੱਤ ਪਟੀਸ਼ਨ ਗ਼ੈਰ-ਸਰਕਾਰੀ ਸੰਸਥਾ 'ਪਾਰਦਰਸ਼ਿਤਾ ਪਬਲਿਕ ਵੈੱਲਫੇਅਰ ਫਾਊਂਡੇਸ਼ਨ' ਵੱਲੋਂ ਦਾਇਰ ਕੀਤੀ ਗਈ ਸੀ। ਹਾਲਾਂਕਿ ਅਦਾਲਤ ਨੇ ਕਿਹਾ ਕਿ ਸੰਸਥਾ ਵੱਲੋਂ ਇਸ ਸਬੰਧੀ ਸਰਕਾਰ ਨੂੰ ਪਹਿਲਾਂ ਹੀ ਮੰਗ ਪੱਤਰ ਭੇਜਿਆ ਜਾ ਚੁੱਕਾ ਹੈ, ਇਸ ਲਈ ਸਬੰਧਤ ਅਧਿਕਾਰੀ ਉਸ 'ਤੇ ਵਿਚਾਰ ਕਰਨਗੇ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਿੱਖ ਧਰਮ ਵਿੱਚ ਬੇਹੱਦ ਮਹੱਤਵ ਰੱਖਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ 18 ਸਾਲ ਇੱਥੇ ਬਤੀਤ ਕੀਤੇ ਸਨ। ਭਾਰਤ ਅਤੇ ਪਾਕਿਸਤਾਨ ਵਿਚਾਲੇ 24 ਅਕਤੂਬਰ 2019 ਨੂੰ ਹੋਏ ਸਮਝੌਤੇ ਤਹਿਤ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਵੀਜ਼ੇ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੀ ਸਹੂਲਤ ਦਿੱਤੀ ਗਈ ਸੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ 2019 ਨੂੰ ਇਸ ਲਾਂਘੇ ਦਾ ਉਦਘਾਟਨ ਕੀਤਾ ਗਿਆ ਸੀ। ਇਸ ਸਹੂਲਤ ਤਹਿਤ ਰਜਿਸਟ੍ਰੇਸ਼ਨ ਅਤੇ ਸੁਰੱਖਿਆ ਮਨਜ਼ੂਰੀ ਤੋਂ ਬਾਅਦ ਰੋਜ਼ਾਨਾ 5,000 ਭਾਰਤੀ ਸ਼ਰਧਾਲੂ ਬਿਨਾਂ ਵੀਜ਼ੇ ਦੇ ਦਰਸ਼ਨਾਂ ਲਈ ਜਾ ਸਕਦੇ ਸਨ।
ਪਰ ਪਹਿਲਗਾਮ ਅੱਤਵਾਦੀ ਹਮਲੇ ਅਤੇ ਇਸ ਤੋਂ ਬਾਅਦ ਚਲਾਏ ਗਏ 'ਆਪ੍ਰੇਸ਼ਨ ਸਿੰਦੂਰ' ਦੇ ਮੱਦੇਨਜ਼ਰ ਭਾਰਤ ਸਰਕਾਰ ਨੇ 7 ਮਈ 2025 ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਸੰਚਾਲਨ ਮੁਅੱਤਲ ਕਰ ਦਿੱਤਾ ਸੀ। ਹੁਣ ਲਾਂਘਾ ਮੁੜ ਖੋਲ੍ਹਣ ਦੀ ਮੰਗ 'ਤੇ ਦਿੱਲੀ ਹਾਈ ਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ ਕੀਤੇ ਜਾਣ ਨਾਲ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।



