LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਪੰਜਾਬ

8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ! CM ਮਾਨ ਨੇ 3% DA ਵਧਾਉਣ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ DA ਦੀ ਦਰ 50 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਈ ਹੈ। ਇਸ ਨਾਲ ਸੂਬੇ ਦੇ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਵਧਿਆ ਹੋਇਆ DA ਨਵੰਬਰ ਦੀ ਤਨਖਾਹ ਵਿੱਚ ਜੋੜ ਕੇ ਦਿੱਤਾ ਜਾਵੇਗਾ, ਜਦਕਿ ਪੈਨਸ਼ਨਰਾਂ ਨੂੰ ਇਸ ਦਾ ਲਾਭ ਦਸੰਬਰ ਦੀ ਪੈਨਸ਼ਨ ਵਿੱਚ ਮਿਲੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸਾਲ 2022 ਵਿੱਚ ਸੱਤਾ ਸੰਭਾਲੀ ਸੀ, ਉਸ ਸਮੇਂ ਮੁਲਾਜ਼ਮਾਂ ਨੂੰ 28 ਫੀਸਦੀ DA ਮਿਲ ਰਿਹਾ ਸੀ। ਹੁਣ ਨਵੇਂ ਵਾਧੇ ਤੋਂ ਬਾਅਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕਰੀਬ 363 ਕਰੋੜ ਰੁਪਏ ਦਾ ਲਾਭ ਹੋਵੇਗਾ।

ਦੋ ਮਹੀਨਿਆਂ ਵਿੱਚ DA ਵਿੱਚ ਕੁੱਲ 11 ਫੀਸਦੀ ਵਾਧਾ

ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਸਰਕਾਰ ਨੇ ਪਹਿਲਾਂ DA ਵਿੱਚ 8 ਫੀਸਦੀ ਅਤੇ ਹੁਣ 3 ਫੀਸਦੀ ਦਾ ਵਾਧਾ ਕੀਤਾ ਹੈ। ਇਸ ਤਰ੍ਹਾਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਕੁੱਲ 11 ਫੀਸਦੀ ਦਾ ਵਾਧਾ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਇੱਕ ਸਾਲ ਵਿੱਚ ਕਰੀਬ 1,088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ। ਉੱਥੇ ਹੀ 11 ਫੀਸਦੀ DA ਵਾਧੇ ਦੇ ਹਿਸਾਬ ਨਾਲ ਇਹ ਰਕਮ ਸਾਲਾਨਾ ਕਰੀਬ 3,988 ਕਰੋੜ ਰੁਪਏ ਤੱਕ ਪਹੁੰਚ ਜਾਵੇਗੀ। ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਰਥਿਕ ਰਾਹਤ ਦੇਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ।

ਸਤੰਬਰ ਵਿੱਚ ਵੀ ਵਧਾਇਆ ਗਿਆ ਸੀ DA

ਜ਼ਿਕਰਯੋਗ ਹੈ ਕਿ ਸਤੰਬਰ 2026 ਵਿੱਚ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 8 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਸੀ। ਇਸ ਤੋਂ ਬਾਅਦ DA ਦੀ ਦਰ 42 ਫੀਸਦੀ ਤੋਂ ਵਧ ਕੇ 50 ਫੀਸਦੀ ਹੋ ਗਈ ਸੀ। ਹੁਣ ਇਸ ਵਿੱਚ 3 ਫੀਸਦੀ ਹੋਰ ਵਾਧੇ ਤੋਂ ਬਾਅਦ DA 53 ਫੀਸਦੀ ਹੋ ਗਿਆ ਹੈ।