2027 ਚੋਣਾਂ ਤੋਂ ਪਹਿਲਾਂ ਐਕਟਿਵ ਹੋਈ AAP, ਦਲਜੀਤ ਰਾਜੂ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਦਿੱਲੀ ਵਿਖੇ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੌਕੇ ਦਲਜੀਤ ਰਾਜੂ ਨੇ ਕੇਜਰੀਵਾਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਗਤੀਵਿਧੀਆਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਦੌਰਾਨ ਦਲਜੀਤ ਸਿੰਘ ਰਾਜੂ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਿਲ੍ਹਾ ਕਪੂਰਥਲਾ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਸਰਗਰਮੀਆਂ, ਵਰਕਰਾਂ ਦੀ ਭੂਮਿਕਾ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ। ਇਸ ਤੋਂ ਇਲਾਵਾ ਪੰਜਾਬ ਦੀ ਸਿਆਸਤ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵੀ ਚਰਚਾ ਹੋਈ।
ਦਲਜੀਤ ਰਾਜੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਲੈ ਕੇ ਕਾਫ਼ੀ ਫ਼ਿਕਰਮੰਦ ਹਨ ਅਤੇ ਉਹ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਤੇ ਸਰਬਪੱਖੀ ਵਿਕਾਸ ਦੇ ਚਾਹਵਾਨ ਹਨ। ਉਨ੍ਹਾਂ ਮੁਤਾਬਕ ਕੇਜਰੀਵਾਲ ਦਾ ਮੁੱਖ ਉਦੇਸ਼ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ। ਇਸੇ ਟੀਚੇ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਜ਼ਮੀਨੀ ਪੱਧਰ ‘ਤੇ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ।
ਦਲਜੀਤ ਰਾਜੂ ਅਨੁਸਾਰ, ਮੁਲਾਕਾਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮੁੜ ਸ਼ਾਨਦਾਰ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਬਿਹਤਰ ਸਹੂਲਤਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਹਰ ਵਰਗ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।
ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਖ਼ਾਸ ਤੌਰ ‘ਤੇ ਜ਼ਿਲ੍ਹਾ ਕਪੂਰਥਲਾ ਦੀ ਸਿਆਸੀ ਸਥਿਤੀ ਬਾਰੇ ਪਾਰਟੀ ਦੇ ਕੌਮੀ ਆਗੂ ਨਾਲ ਸਿੱਧੀ ਚਰਚਾ ਨੂੰ ਜ਼ਿਲ੍ਹਾ ਪੱਧਰ ‘ਤੇ ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦੇ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।



