ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ “ਕੰਮ ਦੀ ਸਿਆਸਤ” ਕਰਦਿਆਂ ਲੋਕਾਂ ਨਾਲ ਕੀਤੀਆਂ ਜ਼ਿਆਦਾਤਰ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਰੱਦ ਕਰਕੇ ਆਮ ਆਦਮੀ ਪਾਰਟੀ ’ਤੇ ਭਰੋਸਾ ਕੀਤਾ ਸੀ ਅਤੇ ਸਰਕਾਰ ਨੇ ਉਸ ਭਰੋਸੇ ਨੂੰ ਕਾਇਮ ਰੱਖਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਚਾਰ ਸਾਲਾਂ ਵਿੱਚ ਪੰਜਾਬ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਨਹਿਰੀ ਪਾਣੀ ਰਾਹੀਂ ਸਿੰਚਾਈ 26 ਫੀਸਦੀ ਤੋਂ ਵਧ ਕੇ 78 ਫੀਸਦੀ ਹੋ ਗਈ ਹੈ। ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਲਗਭਗ 5.5 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ।
ਸਿੱਖਿਆ ਖੇਤਰ ਵਿੱਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇੱਕ ਲੱਖ ਤੋਂ ਵੱਧ ਡੈਸਕ, 9 ਹਜ਼ਾਰ ਸਮਾਰਟ ਕਲਾਸਰੂਮ ਅਤੇ 5 ਹਜ਼ਾਰ ਕੰਪਿਊਟਰ ਲੈਬ ਬਣਾਈਆਂ ਗਈਆਂ ਹਨ। 15 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਅਧਿਆਪਕਾਂ ਨੂੰ ਫਿਨਲੈਂਡ ਅਤੇ ਸਿੰਗਾਪੁਰ ਵਿੱਚ ਟ੍ਰੇਨਿੰਗ ਲਈ ਭੇਜਿਆ ਗਿਆ ਹੈ।
ਸਿਹਤ ਖੇਤਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿੱਥੇ 5 ਕਰੋੜ ਤੋਂ ਵੱਧ ਮਰੀਜ਼ ਇਲਾਜ ਕਰਵਾ ਚੁੱਕੇ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ ਅਤੇ 1,575 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ।
ਖੇਡਾਂ ਲਈ 1100 ਕਰੋੜ ਦੀ ਲਾਗਤ ਨਾਲ 3000 ਆਧੁਨਿਕ ਖੇਡ ਮੈਦਾਨ ਬਣ ਰਹੇ ਹਨ ਅਤੇ 6000 ਇਨਡੋਰ ਜਿੰਮ ਬਣਾਏ ਜਾ ਰਹੇ ਹਨ। ਪੇਂਡੂ ਵਿਕਾਸ ਹੇਠ 40 ਹਜ਼ਾਰ ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ 76 ਹਜ਼ਾਰ ਪਰਿਵਾਰਾਂ ਨੂੰ ਘਰ ਬਣਾਉਣ ਲਈ ਮਦਦ ਦਿੱਤੀ ਗਈ ਹੈ।
ਖੇਤੀਬਾੜੀ ਖੇਤਰ ਵਿੱਚ ਗੰਨੇ ਦੀ ਕੀਮਤ 416 ਰੁਪਏ ਪ੍ਰਤੀ ਕੁਇੰਟਲ ਦਿੱਤੀ ਜਾ ਰਹੀ ਹੈ ਅਤੇ ਫਸਲ ਨੁਕਸਾਨ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ। ਪਰਾਲੀ ਪ੍ਰਬੰਧਨ ਲਈ 1.58 ਲੱਖ ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਗਈਆਂ ਹਨ।
ਮਹਿਲਾ ਸਸ਼ਕਤੀਕਰਨ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਗਈ ਹੈ।
ਨਸ਼ਿਆਂ ਵਿਰੁੱਧ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 68 ਹਜ਼ਾਰ ਤੋਂ ਵੱਧ ਐਫਆਈਆਰ ਦਰਜ ਹੋਈਆਂ, 92 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਹੋਈਆਂ ਅਤੇ 5480 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ। ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ 14 ਹਜ਼ਾਰ ਤੋਂ ਵੱਧ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ।
ਆਰਥਿਕ ਮੋਰਚੇ ’ਤੇ ਪੰਜਾਬ ਵਿੱਚ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ ਅਤੇ ਜੀਐਸਟੀ ਵਸੂਲੀ ਵਿੱਚ ਵੀ ਵੱਡਾ ਵਾਧਾ ਹੋਇਆ ਹੈ। ਡਿਜੀਟਲ ਗਵਰਨੈਂਸ ਤਹਿਤ 400 ਤੋਂ ਵੱਧ ਸਰਕਾਰੀ ਸੇਵਾਵਾਂ ਘਰ ਬੈਠੇ ਮਿਲ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਸਿਖਰ ’ਤੇ ਲਿਜਾਣਾ ਹੈ ਅਤੇ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਖ਼ਿਲਾਫ਼ ਲੜਾਈ ਜਾਰੀ ਰਹੇਗੀ।
