ਨਗਰ ਨਿਗਮ ਚੋਣਾਂ ‘ਚ BJP ‘ਤੇ ਗੁੰਡਾਗਰਦੀ ਦੇ ਦੋਸ਼, ਅਮਨ ਅਰੋੜਾ ਦਾ ਵੱਡਾ ਹਮਲਾ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਨਗਰ ਨਿਗਮ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੌਰਾਨ BJP ਵੱਲੋਂ ਖੁੱਲ੍ਹੀ ਗੁੰਡਾਗਰਦੀ ਕੀਤੀ ਗਈ ਅਤੇ ਲੋਕਤੰਤਰ ਨੂੰ ਕੁਚਲਣ ਦੀ ਕੋਸ਼ਿਸ਼ ਹੋਈ।

ਅਮਨ ਅਰੋੜਾ ਨੇ ਕਿਹਾ ਕਿ BJP ਦਾ ਇਹ “ਵਰਕਿੰਗ ਮਾਡਲ” ਬਣ ਚੁੱਕਾ ਹੈ ਕਿ ਹਰ ਚੋਣ ਦੌਰਾਨ ਧੱਕੇਸ਼ਾਹੀ, ਗੁੰਡਾਗਰਦੀ ਅਤੇ ਸਰਕਾਰੀ ਤੰਤਰ ਦੀ ਦੁਰਵਰਤੋਂ ਕੀਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਜਿਵੇਂ ਪਹਿਲਾਂ ਪੱਛਮੀ ਬੰਗਾਲ ਦੀਆਂ ਚੋਣਾਂ ਵਿੱਚ ਦਬਾਅ ਅਤੇ ਹਿੰਸਾ ਦੇ ਦੋਸ਼ ਲੱਗੇ ਸਨ, ਉਸੇ ਤਰ੍ਹਾਂ ਹੁਣ ਪੰਜਾਬ ਵਿੱਚ ਵੀ ਅਜਿਹੇ ਹੀ ਹਾਲਾਤ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।

ਉਨ੍ਹਾਂ ਧੂਰੀ ਅਤੇ ਸੰਗਰੂਰ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਕ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਪਾਰਟੀ ਦੇ ਸੀਨੀਅਰ ਆਗੂ ਵੱਲੋਂ ਸੜਕਾਂ ‘ਤੇ ਆ ਕੇ ਇਸ ਤਰ੍ਹਾਂ ਦਾ ਵਿਵਹਾਰ ਕਰਨਾ ਬਰਦਾਸ਼ਤ ਤੋਂ ਬਾਹਰ ਹੈ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਲੋਕ ਇਸ ਘਟਨਾ ਦੀ ਪੂਰੀ ਤਰ੍ਹਾਂ ਨਿਖੇਧੀ ਕਰਦੇ ਹਨ।

ਅਮਨ ਅਰੋੜਾ ਨੇ ਰਵਨੀਤ ਸਿੰਘ ਬਿੱਟੂ ਦਾ ਨਾਂ ਲੈਂਦੇ ਹੋਏ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ, ਜੋ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਬਿੱਟੂ ਨੇ ਪੁਲਿਸ ਮੁਲਾਜ਼ਮਾਂ ਨੂੰ “ਗੁੰਡੇ” ਕਿਹਾ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨਾਲ ਵੀ ਬਦਸਲੂਕੀ ਕੀਤੀ ਗਈ।

ਅਰੋੜਾ ਨੇ ਕਿਹਾ ਕਿ ਸ਼ਾਇਦ ਰਵਨੀਤ ਬਿੱਟੂ ਇਹ ਸਮਝਦੇ ਹਨ ਕਿ ਦੇਸ਼ ਦਾ ਕਾਨੂੰਨ ਅਤੇ ਸੰਵਿਧਾਨ ਉਨ੍ਹਾਂ ਦੀ ਕੁਰਸੀ ਦੇ ਅਧੀਨ ਹੈ, ਪਰ ਪੰਜਾਬ ਦੇ ਲੋਕ ਅਜਿਹੀ ਸੋਚ ਨੂੰ ਕਦੇ ਕਬੂਲ ਨਹੀਂ ਕਰਨਗੇ। ਉਨ੍ਹਾਂ ਇਹ ਵੀ ਸਵਾਲ ਚੁੱਕਿਆ ਕਿ ਬਿੱਟੂ ਦੇ ਭਰਾ ਨੂੰ ਪੁਲਿਸ ਵਰਦੀ ਪਹਿਨਾਉਣ ਦੇ ਪਿੱਛੇ ਕੀ ਕਾਰਨ ਸੀ ਅਤੇ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਅਮਨ ਅਰੋੜਾ ਨੇ ਪੁਲਿਸ ਬਲ ਦਾ ਬਚਾਅ ਕਰਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ, ਉਹੀ ਪੰਜਾਬ ਪੁਲਿਸ ਦੇ ਜਵਾਨ 543 ਕਿਲੋਮੀਟਰ ਲੰਬੇ ਸਰਹੱਦੀ ਖੇਤਰ ਵਿੱਚ ਦੇਸ਼ ਦੀ ਸੁਰੱਖਿਆ ਲਈ ਦਿਨ-ਰਾਤ ਡਿਊਟੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਜਵਾਨਾਂ ਦੀ ਬੇਇੱਜ਼ਤੀ ਕਰਨਾ ਬਿਲਕੁਲ ਗਲਤ ਹੈ ਅਤੇ ਇਸਦੀ ਹਰ ਪੱਧਰ ‘ਤੇ ਨਿਖੇਧੀ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *