ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਸ਼ਟਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਆਪਰੇਸ਼ਨ ਦੌਰਾਨ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 7 ਆਧੁਨਿਕ ਪਿਸਤੌਲਾਂ ਅਤੇ 2.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਿਦੇਸ਼-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਵਰਚੁਅਲ ਨੰਬਰਾਂ ਦੀ ਵਰਤੋਂ ਕਰਕੇ ਉਨ੍ਹਾਂ ਨਾਲ ਗੱਲਬਾਤ ਕਰਦਾ ਸੀ।
ਜਾਂਚ ਮੁਤਾਬਕ ਦੋਸ਼ੀ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਨ ਦਾ ਕੰਮ ਕਰ ਰਿਹਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਮਾਡਿਊਲ ਸਰਹੱਦ ਪਾਰ ਤੋਂ ਚਲਾਇਆ ਜਾ ਰਿਹਾ ਸੀ ਅਤੇ ਇਸਦੇ ਸੰਬੰਧ ਹੋਰ ਰਾਜਾਂ ਅਤੇ ਵਿਦੇਸ਼ਾਂ ਨਾਲ ਵੀ ਹੋ ਸਕਦੇ ਹਨ।
ਪੁਲਿਸ ਨੇ ਦੋਸ਼ੀ ਖ਼ਿਲਾਫ਼ ਪੁਲਿਸ ਸਟੇਸ਼ਨ ਸੀ-ਡਿਵੀਜ਼ਨ ਅੰਮ੍ਰਿਤਸਰ ਵਿੱਚ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਦੇ ਪਿਛਲੇ ਅਤੇ ਅਗਲੇ ਲਿੰਕ ਖੰਗਾਲੇ ਜਾ ਰਹੇ ਹਨ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਕਾਬੂ ਕੀਤਾ ਜਾ ਸਕੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਅਜਿਹੇ ਤੱਤਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
