LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
Delhi

ਅੰਮ੍ਰਿਤਸਰ ’ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 2 ਹੈਂਡ ਗ੍ਰਨੇਡਾਂ ਸਮੇਤ 16 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ ਫਾਇਰਿੰਗ ਦੀਆਂ ਤਿੰਨ ਵਾਰਦਾਤਾਂ ਨੂੰ ਸੁਲਝਾਉਣ ਦਾ ਵੀ ਦਾਅਵਾ ਕੀਤਾ ਹੈ। ਵੱਖ-ਵੱਖ ਮਾਮਲਿਆਂ ਵਿੱਚ ਕੁੱਲ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਗੈਰ-ਕਾਨੂੰਨੀ ਪਿਸਤੌਲ, 2 ਉਜ਼ੀ ਗੰਨਾਂ, 2 ਹੈਂਡ ਗ੍ਰਨੇਡ, 34 ਕਿਲੋ ਹੈਰੋਇਨ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਦੋਸ਼ ਹੈ ਕਿ ਵਿਦੇਸ਼ ਵਿੱਚ ਬੈਠੇ ਇਹ ਹੈਂਡਲਰ ਮੁਲਜ਼ਮਾਂ ਤੱਕ ਗੈਰ-ਕਾਨੂੰਨੀ ਹਥਿਆਰ ਪਹੁੰਚਾਉਂਦੇ ਸਨ। ਇਸ ਤੋਂ ਬਾਅਦ ਇਹ ਹਥਿਆਰ ਅੱਗੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਸਪਲਾਈ ਕੀਤੇ ਜਾਂਦੇ ਸਨ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਕੜੀਆਂ ਖੰਗਾਲ ਰਹੀ ਹੈ, ਤਾਂ ਜੋ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਸਕੇ।

ਪੰਜ ਥਾਣਿਆਂ ਵਿੱਚ ਵੱਖ-ਵੱਖ FIR ਦਰਜ

ਪੁਲਿਸ ਨੇ ਇਸ ਕਾਰਵਾਈ ਸਬੰਧੀ ਥਾਣਾ ਘਰਿੰਡਾ, ਥਾਣਾ ਬਿਆਸ, ਥਾਣਾ ਮਹਿਤਾ, ਥਾਣਾ ਲੋਪੋਕੇ ਅਤੇ ਥਾਣਾ ਛੇਹਰਟਾ ਵਿੱਚ ਵੱਖ-ਵੱਖ FIR ਦਰਜ ਕੀਤੀਆਂ ਹਨ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੂੰ ਹਥਿਆਰ ਅਤੇ ਹੈਰੋਇਨ ਕਿੱਥੋਂ ਮਿਲਦੇ ਸਨ ਅਤੇ ਅੱਗੇ ਕਿਹੜੇ ਲੋਕਾਂ ਤੱਕ ਇਨ੍ਹਾਂ ਦੀ ਸਪਲਾਈ ਕੀਤੀ ਜਾਂਦੀ ਸੀ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਅਹਿਮ ਜਾਣਕਾਰੀ ਮਿਲ ਸਕਦੀ ਹੈ।