ਗੁਰੂਗ੍ਰਾਮ ਜੇਲ੍ਹ ਪਹੁੰਚੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ, ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰੂਗ੍ਰਾਮ ਪਹੁੰਚੇ, ਜਿੱਥੇ ਉਨ੍ਹਾਂ ਨੇ ਭੋਂਡਸੀ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਜੇਲ੍ਹ ਪ੍ਰਸ਼ਾਸਨ ਤੋਂ ਇਜਾਜ਼ਤ ਮਿਲਣ ਮਗਰੋਂ ਦੋਵੇਂ ਆਗੂਆਂ ਨੇ ਲਗਭਗ 20 ਮਿੰਟ ਤੱਕ ਸੰਜੀਵ ਅਰੋੜਾ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।

ਦੱਸਣਯੋਗ ਹੈ ਕਿ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ 9 ਮਈ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ ਵੱਲੋਂ ਉਨ੍ਹਾਂ ਨੂੰ ਪਹਿਲਾਂ 7 ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ। ਇਸ ਤੋਂ ਬਾਅਦ ਜਾਂਚ ਏਜੰਸੀ ਨੂੰ ਅਦਾਲਤ ਵੱਲੋਂ 2 ਦਿਨਾਂ ਦਾ ਵਾਧੂ ਰਿਮਾਂਡ ਵੀ ਦਿੱਤਾ ਗਿਆ ਸੀ। ਪੁੱਛਗਿੱਛ ਦੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਅਦਾਲਤ ਨੇ ਸੰਜੀਵ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੋਂਡਸੀ ਜੇਲ੍ਹ ਭੇਜ ਦਿੱਤਾ ਸੀ।

ਸੰਜੀਵ ਅਰੋੜਾ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਲਗਾਤਾਰ ਉਨ੍ਹਾਂ ਦੇ ਸਮਰਥਨ ਵਿੱਚ ਖੜ੍ਹੀ ਨਜ਼ਰ ਆ ਰਹੀ ਹੈ। ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਾਂਚ ਏਜੰਸੀਆਂ ਦੀ ਵਰਤੋਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਦਬਾਉਣ ਅਤੇ ਰਾਜਨੀਤਿਕ ਤੌਰ ‘ਤੇ ਨਿਸ਼ਾਨਾ ਬਣਾਉਣ ਲਈ ਕੀਤੀ ਜਾ ਰਹੀ ਹੈ।

ਹੁਣ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਖੁਦ ਜੇਲ੍ਹ ਵਿੱਚ ਜਾ ਕੇ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਾ ਸਿਆਸੀ ਤੌਰ ‘ਤੇ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੁਲਾਕਾਤ ਨੂੰ ਇਸ ਗੱਲ ਦੇ ਸੰਕੇਤ ਵਜੋਂ ਵੇਖਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਪੂਰੀ ਲੀਡਰਸ਼ਿਪ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਖੜ੍ਹੀ ਹੈ ਅਤੇ ਪਾਰਟੀ ਇਸ ਮਾਮਲੇ ਨੂੰ ਰਾਜਨੀਤਿਕ ਕਾਰਵਾਈ ਕਰਾਰ ਦੇ ਰਹੀ ਹੈ।

ਇਸ ਮੁਲਾਕਾਤ ਤੋਂ ਬਾਅਦ ਪੰਜਾਬ ਅਤੇ ਦਿੱਲੀ ਦੀ ਸਿਆਸਤ ਵਿੱਚ ਵੀ ਚਰਚਾਵਾਂ ਤੇਜ਼ ਹੋ ਗਈਆਂ ਹਨ ਅਤੇ ਵਿਰੋਧੀ ਧਿਰ ਵੱਲੋਂ ਵੀ ਇਸ ਮਾਮਲੇ ‘ਤੇ ਲਗਾਤਾਰ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

Leave a Reply

Your email address will not be published. Required fields are marked *