ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ! ਕੇਵਲ ਢਿੱਲੋਂ ਬਣੇ ਪੰਜਾਬ BJP ਦੇ ਨਵੇਂ ਸੂਬਾ ਪ੍ਰਧਾਨ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਹੁਣ ਤੋਂ ਹੀ ਗਰਮਾਉਣਾ ਸ਼ੁਰੂ ਹੋ ਗਿਆ ਹੈ। ਸੂਬੇ ਦੀਆਂ ਸਾਰੀਆਂ ਵੱਡੀਆਂ ਸਿਆਸੀ ਪਾਰਟੀਆਂ ਆਪਣਾ ਜਥੇਬੰਧਕ ਢਾਂਚਾ ਮਜ਼ਬੂਤ ਕਰਨ ਅਤੇ ਚੋਣੀ ਤਿਆਰੀਆਂ ਨੂੰ ਤੇਜ਼ ਕਰਨ ਵਿੱਚ ਜੁਟ ਗਈਆਂ ਹਨ। ਇਸੇ ਕੜੀ ਵਿੱਚ ਪੰਜਾਬ ਭਾਜਪਾ ਨੇ ਵੀ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਨਵੇਂ ਸੂਬਾ ਪ੍ਰਧਾਨ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ।

ਭਾਰਤੀ ਜਨਤਾ ਪਾਰਟੀ ਨੇ ਸੁਨੀਲ ਜਾਖੜ ਦੀ ਥਾਂ ਸੀਨੀਅਰ ਆਗੂ ਅਤੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਪਿਛਲੇ ਕਈ ਦਿਨਾਂ ਤੋਂ ਇਸ ਨਿਯੁਕਤੀ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਚੱਲ ਰਹੀਆਂ ਸਨ ਅਤੇ ਹੁਣ ਪਾਰਟੀ ਹਾਈਕਮਾਨ ਨੇ ਇਸ ‘ਤੇ ਅੰਤਿਮ ਮੋਹਰ ਲਾ ਦਿੱਤੀ ਹੈ।

ਜਾਣਕਾਰੀ ਮੁਤਾਬਕ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲਾ ਕਾਰਜਕਾਲ ਜੁਲਾਈ ਮਹੀਨੇ ਵਿੱਚ ਪੂਰਾ ਹੋ ਰਿਹਾ ਹੈ। ਹਾਲਾਂਕਿ ਪਾਰਟੀ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਸੁਨੀਲ ਜਾਖੜ 2027 ਦੀਆਂ ਚੋਣਾਂ ਲਈ ਪਾਰਟੀ ਦੇ ਚੋਣ ਪ੍ਰਚਾਰ ਅਤੇ ਰਣਨੀਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹਿਣਗੇ।

75 ਸਾਲਾ ਕੇਵਲ ਸਿੰਘ ਢਿੱਲੋਂ ਦਾ ਜਨਮ ਬਰਨਾਲਾ ਜ਼ਿਲ੍ਹੇ ਦੇ ਟੱਲੇਵਾਲ ਪਿੰਡ ਵਿੱਚ ਹੋਇਆ। ਉਹ ਪੰਜਾਬ ਦੀ ਰਾਜਨੀਤੀ ਵਿੱਚ ਲੰਮੇ ਸਮੇਂ ਤੋਂ ਸਰਗਰਮ ਰਹੇ ਹਨ। ਉਨ੍ਹਾਂ ਨੇ 2007 ਤੋਂ 2017 ਤੱਕ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਸੇਵਾ ਨਿਭਾਈ। 2017 ਦੀਆਂ ਚੋਣਾਂ ਵਿੱਚ ਉਹ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ ਕੋਲੋਂ ਚੋਣ ਹਾਰ ਗਏ ਸਨ।

ਕਾਂਗਰਸ ਨਾਲ ਲੰਬੇ ਸਮੇਂ ਤੱਕ ਜੁੜੇ ਰਹਿਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਜੂਨ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਭਾਜਪਾ ਵਿੱਚ ਆਉਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਇਕਾਈ ਦਾ ਮੀਤ ਪ੍ਰਧਾਨ ਵੀ ਬਣਾਇਆ ਸੀ। ਹੁਣ ਉਨ੍ਹਾਂ ਨੂੰ ਸੂਬਾ ਪ੍ਰਧਾਨ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਮਾਲਵਾ ਖੇਤਰ ਵਿੱਚ ਪਾਰਟੀ ਨੂੰ ਮਜ਼ਬੂਤੀ ਦੇਣ ਦੇ ਯਤਨ ਵਜੋਂ ਵੀ ਦੇਖਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਨਵੇਂ ਪ੍ਰਧਾਨ ਦੀ ਅਗਵਾਈ ਹੇਠ ਪੰਜਾਬ ਭਾਜਪਾ ਆਉਣ ਵਾਲੀਆਂ ਚੋਣਾਂ ਵਿੱਚ ਕਿਹੋ ਜਿਹਾ ਪ੍ਰਦਰਸ਼ਨ ਕਰਦੀ ਹੈ।

Leave a Reply

Your email address will not be published. Required fields are marked *