“ਚੋਣਾਂ ਤੋਂ ਪਹਿਲਾਂ ਨਫ਼ਰਤ ਫੈਲਾਉਂਦੀ ਹੈ BJP”—ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਹਾਲੀਆ ਧਮਾਕਿਆਂ ‘ਤੇ ਚਿੰਤਾ ਜਤਾਈ ਅਤੇ ਇਸ ਮਾਮਲੇ ‘ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਰਾਹੀਂ ਸੂਬੇ ਵਿੱਚ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਚੀਮਾ ਨੇ ਦੋਸ਼ ਲਗਾਇਆ ਕਿ ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਭਾਜਪਾ ਉਥੇ ਨਫ਼ਰਤ ਦਾ ਮਾਹੌਲ ਪੈਦਾ ਕਰਦੀ ਹੈ ਅਤੇ ਲੋਕਾਂ ਨੂੰ ਆਪਸ ਵਿੱਚ ਵੰਡ ਕੇ ਰਾਜਨੀਤਿਕ ਲਾਭ ਲੈਣ ਦੀ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਪੱਛਮੀ ਬੰਗਾਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਵੀ ਚੋਣਾਂ ਦੌਰਾਨ ਹਿੰਸਾ ਅਤੇ ਤਣਾਅ ਦੇ ਮਾਹੌਲ ਰਾਹੀਂ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਤਰਜੀਹ ਦੇਸ਼ ਦੀ ਆਰਥਿਕਤਾ ਨਹੀਂ, ਸਗੋਂ ਸਿਰਫ਼ ਸੱਤਾ ਹਾਸਲ ਕਰਨੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ਵਿੱਚ ਰਾਸ਼ਟਰਪਤੀ ਨਾਲ ਕੀਤੀ ਗਈ ਮੁਲਾਕਾਤ ਤੋਂ ਬਾਅਦ ਭਾਜਪਾ ਵੱਲੋਂ ਇਹ ਬਿਆਨ ਦਿੱਤਾ ਗਿਆ ਕਿ “ਅਗਲਾ ਨਿਸ਼ਾਨਾ ਪੰਜਾਬ ਹੈ”, ਅਤੇ ਇਸ ਬਿਆਨ ਤੋਂ ਕੁਝ ਹੀ ਸਮੇਂ ਬਾਅਦ ਇਹ ਧਮਾਕਿਆਂ ਦੀਆਂ ਘਟਨਾਵਾਂ ਸਾਹਮਣੇ ਆਈਆਂ।

ਚੀਮਾ ਨੇ ਰਾਜ ਸਭਾ ਮਾਮਲੇ ‘ਤੇ ਵੀ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਸੂਬੇ ਵਿੱਚ ਕੇਵਲ ਦੋ ਵਿਧਾਇਕਾਂ ਵਾਲੀ ਪਾਰਟੀ ਦੇ ਛੇ ਰਾਜ ਸਭਾ ਮੈਂਬਰ ਬਣ ਜਾਣਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਭ ਰਾਜਨੀਤਿਕ ਤਰੀਕਿਆਂ ਨਾਲ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸੂਰਬੀਰਾਂ ਅਤੇ ਯੋਧਿਆਂ ਦੀ ਧਰਤੀ ਹੈ ਅਤੇ ਇੱਥੋਂ ਦੇ ਲੋਕ ਹਰ ਤਰ੍ਹਾਂ ਦੀ ਰਾਜਨੀਤਿਕ ਚਾਲ ਨੂੰ ਸਮਝਦੇ ਹਨ। ਚੀਮਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਜਪਾ ਨੂੰ ਕਰਾਰਾ ਜਵਾਬ ਦੇਣਗੇ।

ਅਖੀਰ ‘ਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਚੈਨ ਕਾਇਮ ਰੱਖਣਾ ਸਰਕਾਰ ਦੀ ਪਹਿਲ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ।

Leave a Reply

Your email address will not be published. Required fields are marked *