“ਲੋਕਾਂ ਨੂੰ ਡਰਾ ਧਮਕਾ ਕੇ ਵੋਟਾਂ ਲੈਣਾ ਚਾਹੁੰਦੀ ਭਾਜਪਾ”, ਧਮਾਕਿਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਤਿੰਨ ਧਮਾਕਿਆਂ ਦੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਸਿਆਸੀ ਮਾਹੌਲ ਗਰਮਾ ਗਿਆ ਹੈ। ਇਨ੍ਹਾਂ ਘਟਨਾਵਾਂ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਅਤੇ ਕਾਨੂੰਨ-ਵਿਵਸਥਾ ‘ਤੇ ਸਵਾਲ ਉਠਾਏ ਜਾ ਰਹੇ ਹਨ।

ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਧਮਾਕਿਆਂ ਲਈ ਭਾਜਪਾ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਸ਼ੁਕਰਾਨਾ ਯਾਤਰਾ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਇਹ ਧਮਾਕੇ ਚੋਣਾਂ ਤੋਂ ਪਹਿਲਾਂ ਦਾ ਸਿਆਸੀ ਹਥਕੰਡਾ ਹੋ ਸਕਦੇ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਜਪਾ ਦਾ ਪੁਰਾਣਾ ਸਟਾਈਲ ਰਿਹਾ ਹੈ ਕਿ ਚੋਣਾਂ ਵਾਲੇ ਰਾਜਾਂ ਵਿੱਚ ਡਰ ਦਾ ਮਾਹੌਲ ਬਣਾਇਆ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਛੋਟੇ-ਛੋਟੇ ਧਮਾਕਿਆਂ ਜਾਂ ਟਕਰਾਅ ਰਾਹੀਂ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਜੋ ਰਾਜਨੀਤਿਕ ਲਾਭ ਲਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹਨਾਂ ਘਟਨਾਵਾਂ ਦੇ ਪਿੱਛੇ ਵੀ ਇਸੇ ਤਰ੍ਹਾਂ ਦੀ ਸਾਜ਼ਿਸ਼ ਹੋ ਸਕਦੀ ਹੈ। ਮਾਨ ਨੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਨੇ ਪਹਿਲਾਂ ਵੀ ਮੁਸ਼ਕਲ ਦੌਰ ਦੇਖਿਆ ਹੈ ਅਤੇ ਲੋਕ ਹੁਣ ਅਜਿਹੀਆਂ ਚਾਲਾਂ ਨੂੰ ਸਮਝਦੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਜਪਾ ਉਨ੍ਹਾਂ ਸੂਬਿਆਂ ਵਿੱਚ ਅਕਸਰ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕਰਦੀ ਹੈ ਜਿੱਥੇ ਉਹ ਆਪਣਾ ਆਧਾਰ ਮਜ਼ਬੂਤ ਕਰਨਾ ਚਾਹੁੰਦੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਬੇਅਦਬੀ ਦੇ ਮਾਮਲਿਆਂ ‘ਤੇ ਸਖ਼ਤ ਕਾਨੂੰਨ ਲਿਆਂਦੇ ਜਾਣ ਤੋਂ ਬਾਅਦ ਅਜਿਹੀਆਂ ਘਟਨਾਵਾਂ ਨੂੰ ਭੜਕਾਉਣਾ ਹੁਣ ਆਸਾਨ ਨਹੀਂ ਰਹਿ ਗਿਆ।

ਉਨ੍ਹਾਂ ਅਖੀਰ ‘ਚ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨਾਲ ਖਿਲਵਾ਼ੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਫ਼ਵਾਹਾਂ ਤੋਂ ਬਚਣ ਅਤੇ ਸਾਂਝੀਵਾਲੀ ਬਣਾਈ ਰੱਖਣ।

Leave a Reply

Your email address will not be published. Required fields are marked *