ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਟਨਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਜੀ ਅਤੇ ਨਿੱਕੀ ਬੇਟੀ ਵੀ ਮੌਜੂਦ ਰਹੇ। ਪਟਨਾ ਏਅਰਪੋਰਟ ‘ਤੇ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂਸਚਿਵ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਪ੍ਰਵਕਤਾ ਸੁਦੀਪ ਸਿੰਘ, ਹਰਦੇਵ ਸਿੰਘ ਸੋਹੀ, ਮਨਵਿੰਦਰ ਸਿੰਘ, ਸੁਪਰਿੰਟੈਂਡੈਂਟ ਦਲਜੀਤ ਸਿੰਘ ਅਤੇ ਮੈਨੇਜਰ ਹਰਜੀਤ ਸਿੰਘ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸੀਐਮ ਮਾਨ ਨੇ ਪਰਿਵਾਰ ਸਮੇਤ ਕੀਰਤਨ ਸਰਵਣ ਕੀਤਾ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕੀਤੇ। ਉਨ੍ਹਾਂ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਦੌਰਾਨ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਅਤੇ ਕਿਰਪਾਨ ਭੇਟ ਕੀਤੀ ਗਈ। ਨਾਲ ਹੀ ਉਨ੍ਹਾਂ ਵੱਲੋਂ ਤਖ਼ਤ ਸਾਹਿਬ ਦੀ ਮੈਗਜ਼ੀਨ “ਗੋਬਿੰਦ ਪ੍ਰਕਾਸ਼” ਦੇ ਮਈ ਮਹੀਨੇ ਦੇ ਅੰਕ ਦਾ ਵਿਮੋਚਨ ਵੀ ਕੀਤਾ ਗਿਆ।
ਤਖ਼ਤ ਸਾਹਿਬ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਗੁਰੂ ਕਾ ਬਾਗ ਵੀ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ ਅਤੇ ਪੌਧਾ ਲਗਾਇਆ। ਪਰਿਵਾਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਇਸ ਪਵਿੱਤਰ ਸਥਾਨ ‘ਤੇ ਕੀਤੀ ਅਰਦਾਸ ਤੋਂ ਬਾਅਦ ਹੀ ਉਨ੍ਹਾਂ ਨੂੰ ਬੱਚੀ ਦੀ ਦਾਤ ਪ੍ਰਾਪਤ ਹੋਈ ਸੀ। ਇਸ ਲਈ ਉਨ੍ਹਾਂ ਦੁਬਾਰਾ ਗੁਰੂ ਘਰ ਦਾ ਧੰਨਵਾਦ ਕੀਤਾ ਅਤੇ ਯਾਦਗਾਰ ਵਜੋਂ ਪੌਧਾ ਲਗਾਇਆ।
ਇਸ ਤੋਂ ਬਾਅਦ ਸੀਐਮ ਮਾਨ ਗੁਰਦੁਆਰਾ ਬਾਲ ਲੀਲਾ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇੱਥੇ ਕਾਰ ਸੇਵਾ ਵਾਲੇ ਬਾਬਾ ਭੂਰੀ ਜੀ ਦੇ ਮੁਖੀ ਬਾਬਾ ਗੁਰਵਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਵੱਡਾ ਸੌਭਾਗ ਹੈ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਅਤੇ ਉਨ੍ਹਾਂ ਦਾ ਪਰਿਵਾਰ ਇੱਥੇ ਮੱਥਾ ਟੇਕ ਚੁੱਕੇ ਹਨ।
ਸੀਐਮ ਮਾਨ ਨੇ ਤਖ਼ਤ ਸਾਹਿਬ ਦੇ ਪ੍ਰਬੰਧਾਂ, ਲੰਗਰ ਸੇਵਾ ਅਤੇ ਸਫ਼ਾਈ ਵਿਵਸਥਾ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਖ਼ਾਸ ਤੌਰ ‘ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਦੀ ਸਰਾਹਨਾ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਅਤੇ ਪ੍ਰਬੰਧ ਸੰਭਾਲਣਾ ਬਹੁਤ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਕਮੇਟੀ ਇਸ ਫ਼ਰਜ਼ ਨੂੰ ਬਹੁਤ ਵਧੀਆ ਢੰਗ ਨਾਲ ਨਿਭਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਤੋਂ ਆਉਣ ਵਾਲੀ ਸੰਗਤ ਵੱਲੋਂ ਵੀ ਤਖ਼ਤ ਪਟਨਾ ਸਾਹਿਬ ਦੇ ਪ੍ਰਬੰਧਾਂ ਦੀ ਲਗਾਤਾਰ ਸ਼ਲਾਘਾ ਕੀਤੀ ਜਾਂਦੀ ਹੈ।
