CM ਭਗਵੰਤ ਮਾਨ ਨੇ 72 ਅਧਿਆਪਕਾਂ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਮਿਲ ਕੇ 72 ਅਧਿਆਪਕਾਂ ਦੇ ਇੱਕ ਵੱਡੇ ਬੈਚ ਨੂੰ ਉੱਚ ਪੱਧਰੀ ਸਿਖਲਾਈ ਲਈ ਫਿਨਲੈਂਡ ਰਵਾਨਾ ਕੀਤਾ। ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ ਤੋਂ ਅਧਿਆਪਕਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਕਰ ਰਹੇ ਅਧਿਆਪਕ ਅਤੇ ਪ੍ਰਿੰਸੀਪਲ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਰਾਜਦੂਤ ਬਣ ਰਹੇ ਹਨ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਦੇ ਰਹੇ ਹਨ।

ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਵਰਗੇ ਮੁੱਦੇ ਅੱਜ ਦੇਸ਼ ਦੀ ਰਾਜਨੀਤੀ ਦੇ ਕੇਂਦਰ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣਾ ਅਤੇ ਹਰ ਬੱਚੇ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਪੰਜ ਦਿਨਾਂ ਦੇ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ ਸਿੰਗਾਪੁਰ ਭੇਜ ਚੁੱਕੀ ਹੈ। ਇਸ ਤੋਂ ਇਲਾਵਾ ਹੁਣ 72 ਪ੍ਰਾਇਮਰੀ ਪੱਧਰ ਦੇ ਅਧਿਆਪਕਾਂ ਨੂੰ ਫਿਨਲੈਂਡ ਦੇ ਤੁਰਕੂ ਸ਼ਹਿਰ ਵਿੱਚ ਟ੍ਰੇਨਿੰਗ ਲਈ ਭੇਜਿਆ ਗਿਆ ਹੈ, ਜਿੱਥੇ ਉਹ ਨਵੇਂ ਅਧਿਆਪਨ ਤਰੀਕਿਆਂ, ਆਧੁਨਿਕ ਸਿੱਖਣ ਸਾਧਨਾਂ ਅਤੇ ਬੱਚਿਆਂ ਦੇ ਸਮੂਹਿਕ ਵਿਕਾਸ ਨਾਲ ਸੰਬੰਧਿਤ ਵਿਸ਼ੇਸ਼ ਸਿਖਲਾਈ ਲੈਣਗੇ।

ਭਗਵੰਤ ਮਾਨ ਨੇ ਕਿਹਾ ਕਿ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਹੈ, ਜੋ 29 ਮਈ ਤੱਕ ਆਪਣੀ ਟ੍ਰੇਨਿੰਗ ਪੂਰੀ ਕਰਕੇ ਵਾਪਸ ਆਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵਿਦੇਸ਼ੀ ਟ੍ਰੇਨਿੰਗ ਲੈ ਕੇ ਆਏ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਨਤੀਜੇ ਵੀ ਸਕਾਰਾਤਮਕ ਤੌਰ ‘ਤੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਡੇ ਬਦਲਾਅ ਵੇਖਣ ਨੂੰ ਮਿਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਵੱਲੋਂ ਜਾਰੀ ਤਾਜ਼ਾ ਸਰਵੇਖਣ ਵਿੱਚ ਵੀ ਪੰਜਾਬ ਦੇ ਸਕੂਲਾਂ ਨੇ ਕਈ ਮਾਪਦੰਡਾਂ ‘ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਸਕੂਲਾਂ ਦੇ ਮਾਮਲੇ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਭਰ ਵਿੱਚ ਮਿਸਾਲ ਬਣ ਰਹੇ ਹਨ। ਸਕੂਲਾਂ ਵਿੱਚ ਬੱਚਿਆਂ ਅਤੇ ਅਧਿਆਪਕਾਂ ਦਾ ਅਨੁਪਾਤ, ਕੰਪਿਊਟਰਾਂ ਦੀ ਉਪਲਬਧਤਾ ਅਤੇ ਬਿਜਲੀ ਵਰਗੀਆਂ ਸਹੂਲਤਾਂ ਵਿੱਚ ਵੱਡਾ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਗਭਗ 99.9 ਫੀਸਦੀ ਸਕੂਲਾਂ ਵਿੱਚ ਕੰਪਿਊਟਰ ਅਤੇ ਬਿਜਲੀ ਦੀ ਸਹੂਲਤ ਉਪਲਬਧ ਹੈ, ਜੋ ਸਿੱਖਿਆ ਖੇਤਰ ਵਿੱਚ ਵੱਡੀ ਪ੍ਰਾਪਤੀ ਹੈ।

ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਫਿਨਲੈਂਡ ਤੋਂ ਨਵਾਂ ਤਜਰਬਾ ਅਤੇ ਗਿਆਨ ਹਾਸਲ ਕਰਕੇ ਵਾਪਸ ਆਉਣ ਅਤੇ ਪੰਜਾਬ ਦੇ ਬੱਚਿਆਂ ਦੇ ਭਵਿੱਖ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Leave a Reply

Your email address will not be published. Required fields are marked *