ਪੰਜਾਬ ਵਿਧਾਨ ਸਭਾ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਚੱਲ ਰਹੀ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਏਅਰਪੋਰਟ ’ਤੇ ਆਪਣੇ ਨਾਲ ਹੋਏ ਕਥਿਤ ਵਿਵਹਾਰ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜਾਂਚ ਦੇ ਨਾਂ ’ਤੇ ਉਨ੍ਹਾਂ ਨੂੰ ਕਰੀਬ ਦੋ ਘੰਟੇ ਤੱਕ ਏਅਰਪੋਰਟ ’ਤੇ ਰੋਕ ਕੇ ਰੱਖਿਆ ਗਿਆ। ਮਾਨ ਨੇ ਕਿਹਾ ਕਿ ਉਨ੍ਹਾਂ ਦੇ ਸਾਮਾਨ ਦੀ ਜਾਂਚ ਕੀਤੀ ਗਈ, ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਉਨ੍ਹਾਂ ਇਸ ਘਟਨਾ ਨੂੰ ਲੈ ਕੇ ਸਵਾਲ ਕੀਤਾ ਕਿ ਜਦੋਂ ਜਾਂਚ ਦੌਰਾਨ ਕੁਝ ਨਹੀਂ ਮਿਲਿਆ ਤਾਂ ਉਨ੍ਹਾਂ ਨੂੰ ਇੰਨੀ ਦੇਰ ਤੱਕ ਕਿਉਂ ਬਿਠਾ ਕੇ ਰੱਖਿਆ ਗਿਆ।
ਮੁੱਖ ਮੰਤਰੀ ਨੇ ਆਪਣੇ ਬਿਆਨ ਦੌਰਾਨ ਕਸਟਮ ਅਧਿਕਾਰੀ ਮਨੀਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਗਿਆਨੇਸ਼ ਕੁਮਾਰ ਦਾ ਭਰਾ ਦੱਸਿਆ। ਮਾਨ ਨੇ ਦੋਸ਼ ਲਗਾਇਆ ਕਿ ਜਦੋਂ ਵੀ ਵਿਰੋਧੀਆਂ ਨੂੰ ਮੌਕਾ ਮਿਲਦਾ ਹੈ ਤਾਂ ਉਹ ਬਦਲਾ ਲੈਣ ਦੀ ਕੋਸ਼ਿਸ਼ ਕਰਦੇ ਹਨ। ਹਾਲਾਂਕਿ, ਇਸ ਮਾਮਲੇ ਵਿੱਚ ਦੂਜੇ ਪੱਖ ਦਾ ਜਵਾਬ ਸਾਹਮਣੇ ਆਉਣਾ ਬਾਕੀ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਗੁਜਰਾਤ ਦੇ ਬੰਦਰਗਾਹਾਂ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜਦੋਂ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਨਸ਼ਾ ਪੰਜਾਬ ਪਹੁੰਚਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਸਰਹੱਦੀ ਸੁਰੱਖਿਆ ’ਤੇ ਸਵਾਲ ਚੁੱਕੇ ਜਾਂਦੇ ਹਨ। ਪਰ ਗੁਜਰਾਤ ਦੇ ਬੰਦਰਗਾਹਾਂ ’ਤੇ ਕਸਟਮ ਅਤੇ ਸੁਰੱਖਿਆ ਪ੍ਰਬੰਧ ਮੌਜੂਦ ਹੋਣ ਦੇ ਬਾਵਜੂਦ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਿਵੇਂ ਹੋ ਰਹੀ ਹੈ, ਇਸ ਬਾਰੇ ਵੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਇਨ੍ਹਾਂ ਬਿਆਨਾਂ ਨਾਲ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਚੱਲ ਰਹੀ ਸਿਆਸੀ ਬਹਿਸ ਹੋਰ ਤੇਜ਼ ਹੋ ਗਈ ਹੈ।
