ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋਏ CM ਮਾਨ

ਪੰਜਾਬ ਦੀ ਰਾਜਨੀਤੀ ‘ਚ ਅੱਜ ਇਕ ਅਹਿਮ ਮੋੜ ਦੇਖਣ ਨੂੰ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਸਾਰੇ 94 ਵਿਧਾਇਕਾਂ ਨਾਲ ਤਿੰਨ ਵੋਲਵੋ ਬੱਸਾਂ ਵਿੱਚ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਇਹ ਦੌਰਾ ਸਿਰਫ਼ ਇੱਕ ਆਮ ਮੀਟਿੰਗ ਨਹੀਂ, ਸਗੋਂ ਪੰਜਾਬ ਦੇ ਹੱਕਾਂ ਅਤੇ ਸਿਆਸੀ ਹਾਲਾਤਾਂ ਨਾਲ ਜੁੜਿਆ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ, ਮੁੱਖ ਮੰਤਰੀ ਮਾਨ ਦੁਪਹਿਰ 12 ਵਜੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਉਹ ਇਕੱਲੇ ਹੀ ਰਾਸ਼ਟਰਪਤੀ ਨਾਲ ਗੱਲਬਾਤ ਕਰਨਗੇ, ਜਦਕਿ ਬਾਕੀ ਸਾਰੇ ਵਿਧਾਇਕ ਰਾਸ਼ਟਰਪਤੀ ਭਵਨ ਦੇ ਬਾਹਰ ਮੌਜੂਦ ਰਹਿਣਗੇ।

ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਆਪਣੀ ਪਾਰਟੀ ਦੇ ਛੇ ਰਾਜ ਸਭਾ ਮੈਂਬਰਾਂ ਵੱਲੋਂ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਮਾਮਲੇ ਨੂੰ ਉੱਠਾਉਣਗੇ। ਨਾਲ ਹੀ, ਉਹ ਦੇਸ਼ ਵਿੱਚ ਦਲ-ਬਦਲੀ ਨੂੰ ਰੋਕਣ ਲਈ ‘ਰਾਈਟ ਟੂ ਰਿਕਾਲ ਐਕਟ’ ਲਾਗੂ ਕਰਨ ਦੀ ਮੰਗ ਵੀ ਰੱਖਣਗੇ, ਤਾਂ ਜੋ ਲੋਕਾਂ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ‘ਤੇ ਸਿੱਧਾ ਹੱਕ ਮਿਲ ਸਕੇ।

ਦਿੱਲੀ ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ‘ਤੇ ਵੀ ਆਪਣਾ ਸਟੈਂਡ ਸਪੱਸ਼ਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਸਾਡਾ ਸੰਘਰਸ਼ ਲਗਾਤਾਰ ਜਾਰੀ ਹੈ। ਅੱਜ ਅਸੀਂ ਆਪਣੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਦੇ ਜ਼ਰੂਰੀ ਅਤੇ ਭਖਦੇ ਮੁੱਦਿਆਂ ‘ਤੇ ਚਰਚਾ ਕਰਨ ਅਤੇ ਪੰਜਾਬ ਦੀ ਆਵਾਜ਼ ਨੂੰ ਮਾਣਯੋਗ ਰਾਸ਼ਟਰਪਤੀ ਸਾਹਮਣੇ ਮਜ਼ਬੂਤੀ ਨਾਲ ਰੱਖਣ ਲਈ ਦਿੱਲੀ ਜਾ ਰਹੇ ਹਾਂ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਲੋਕ ਸੇਵਕ ਹੋਣ ਦੇ ਨਾਤੇ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਹਰ ਵਰਗ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਦੌਰੇ ਨੂੰ ਸਿਆਸੀ ਤੌਰ ‘ਤੇ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਨਾਲ ਪੰਜਾਬ ਦੀ ਸਿਆਸਤ ਵਿੱਚ ਅਗਲੇ ਦਿਨਾਂ ‘ਚ ਵੱਡੇ ਪ੍ਰਭਾਵ ਦੇਖਣ ਨੂੰ ਮਿਲ ਸਕਦੇ ਹਨ।

Leave a Reply

Your email address will not be published. Required fields are marked *