ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਮਾਨ, ਬੇਅਦਬੀ ਕਾਨੂੰਨ ‘ਤੇ ਕੀਤਾ ਵੱਡਾ ਦਾਅਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੀ ‘ਸ਼ੁਕਰਾਨਾ ਯਾਤਰਾ’ ਦੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਗੁਰੂ ਚਰਨਾਂ ਵਿੱਚ ਸ਼ੁਕਰਾਨਾ ਕਰਦਿਆਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਸਬੰਧੀ ਜੋ ਇਤਿਹਾਸਕ ਕਾਨੂੰਨੀ ਸੋਧ ਕੀਤੀ ਗਈ ਹੈ, ਉਹ ਸੇਵਾ ਗੁਰੂ ਮਹਾਰਾਜ ਨੇ ਉਨ੍ਹਾਂ ਤੋਂ ਲਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਇਸ ਅਹਿਮ ਬਿੱਲ ਨੂੰ ਰਾਜਪਾਲ ਵੱਲੋਂ ਵੀ ਮਨਜ਼ੂਰੀ ਮਿਲ ਗਈ ਹੈ ਅਤੇ ਪੰਜਾਬ ਦੇ ਲੋਕਾਂ ਨੇ ਵੀ ਇਸਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ।

ਸੀਐਮ ਮਾਨ ਨੇ ਕਿਹਾ ਕਿ ਇਹ ਕਾਨੂੰਨ ਸਿਰਫ਼ ਇੱਕ ਸਿਆਸੀ ਫ਼ੈਸਲਾ ਨਹੀਂ, ਸਗੋਂ ਪੰਜਾਬ ਦੀ ਆਸਥਾ, ਧਾਰਮਿਕ ਭਾਵਨਾਵਾਂ ਅਤੇ ਸਮਾਜਕ ਏਕਤਾ ਦੀ ਰੱਖਿਆ ਲਈ ਚੁੱਕਿਆ ਗਿਆ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਸਰਵੋਚ ਹਨ ਅਤੇ ਉਨ੍ਹਾਂ ਦੀ ਬੇਅਦਬੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਸੇ ਲਈ ਸਰਕਾਰ ਨੇ ਕਾਨੂੰਨ ਨੂੰ ਹੋਰ ਸਖ਼ਤ ਬਣਾਉਂਦਿਆਂ ਦੋਸ਼ੀਆਂ ਲਈ ਕੜੀਆਂ ਸਜ਼ਾਵਾਂ ਦਾ ਪ੍ਰਬੰਧ ਕੀਤਾ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨਾਉਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਅੱਗੇ ਵੀ ਉਨ੍ਹਾਂ ਤੋਂ ਇਸੇ ਤਰ੍ਹਾਂ ਲੋਕਾਂ ਅਤੇ ਗੁਰੂ ਘਰ ਦੀ ਸੇਵਾ ਲੈਂਦੇ ਰਹਿਣ।

ਇਸ ਦੌਰਾਨ ਮੁੱਖ ਮੰਤਰੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਹਾਲੀਆ ਕਾਰਵਾਈਆਂ ਬਾਰੇ ਵੀ ਆਪਣਾ ਮਤ ਪ੍ਰਗਟ ਕੀਤਾ। ਉਨ੍ਹਾਂ ਸਪੱਸ਼ਟ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਾਂ ਆਮ ਆਦਮੀ ਪਾਰਟੀ ਦਾ ਇਨ੍ਹਾਂ ਰੇਡਾਂ ਨਾਲ ਕੋਈ ਸੰਬੰਧ ਨਹੀਂ ਹੈ। ਸੀਐਮ ਮਾਨ ਨੇ ਕਿਹਾ ਕਿ ਇਹ ਕਾਰਵਾਈ ਇੱਕ ਨਿੱਜੀ ਕੰਪਨੀ ਸਬੰਧੀ ਹੈ ਅਤੇ ਸਰਕਾਰ ਦਾ ਕੋਈ ਵੀ ਵਿਅਕਤੀ ਇਸ ਮਾਮਲੇ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਲੋਕ ਬਿਨਾਂ ਤੱਥਾਂ ਦੇ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਮਾਮਲੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਪੀਕਰ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਵਿਰੁੱਧ ਇਹ ਕਾਨੂੰਨ ਕਿਸੇ ਇੱਕ ਵਿਅਕਤੀ ਦਾ ਫ਼ੈਸਲਾ ਨਹੀਂ ਸੀ, ਸਗੋਂ ਪੂਰੀ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਾਨੂੰਨ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਦਾ ਇਕੋ ਮਕਸਦ ਪੰਜਾਬ ਵਿੱਚ ਅਮਨ, ਭਾਈਚਾਰਾ ਅਤੇ ਧਾਰਮਿਕ ਸਤਿਕਾਰ ਨੂੰ ਬਣਾਈ ਰੱਖਣਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸੁਰੱਖਿਅਤ ਅਤੇ ਸਾਂਝਾ ਪੰਜਾਬ ਤਿਆਰ ਕੀਤਾ ਜਾ ਸਕੇ।

Leave a Reply

Your email address will not be published. Required fields are marked *