ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ|

ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਆਦਮਪੁਰ ਵਿੱਚ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੋਚੇ-ਸਮਝੇ ਤੌਰ ‘ਤੇ ਪਛੜੇ ਵਰਗਾਂ ਨੂੰ ਸਿੱਖਿਆ ਤੋਂ ਵਾਂਝਾ ਰੱਖਿਆ ਅਤੇ ਸਕਾਲਰਸ਼ਿਪ ਫੰਡਾਂ ਵਿੱਚ ਘਪਲੇ ਕਰਕੇ ਦਲਿਤ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ।

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਿੱਖਿਆ ਅਤੇ ਔਰਤਾਂ ਦੇ ਵਿੱਤੀ ਸਸ਼ਕਤੀਕਰਨ ‘ਤੇ ਖ਼ਾਸ ਧਿਆਨ ਦੇ ਰਹੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਗਰੀਬੀ ਤੋਂ ਬਚਾਉਣ ਲਈ ਸਿਰਫ਼ ਸਹੂਲਤਾਂ ਨਹੀਂ, ਸਿੱਖਿਆ ਸਭ ਤੋਂ ਵੱਡੀ ਕੁੰਜੀ ਹੈ।

ਉਨ੍ਹਾਂ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਤਹਿਤ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ 1500 ਰੁਪਏ ਮਿਲਣਗੇ। ਇਸ ਯੋਜਨਾ ਲਈ 9300 ਕਰੋੜ ਰੁਪਏ ਰੱਖੇ ਗਏ ਹਨ ਅਤੇ ਲਗਭਗ 97% ਔਰਤਾਂ ਨੂੰ ਇਸ ਦਾ ਲਾਭ ਮਿਲੇਗਾ।

ਮਾਨ ਨੇ ਕਿਹਾ ਕਿ ਸੂਬੇ ਵਿੱਚ 300 ਯੂਨਿਟ ਮੁਫ਼ਤ ਬਿਜਲੀ, ਕਿਸਾਨਾਂ ਲਈ 8 ਘੰਟੇ ਤੋਂ ਵੱਧ ਸਪਲਾਈ ਅਤੇ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਨਾਲ ਹੀ ਲੋਕਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਸਿਹਤ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਪਰਿਵਾਰਵਾਦ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਪਾਰਟੀਆਂ ਸਿਰਫ਼ ਸੱਤਾ ਲਈ ਕੰਮ ਕਰਦੀਆਂ ਹਨ, ਜਦਕਿ ‘ਆਪ’ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਵਿਸਾਖੀ ਦੇ ਮੌਕੇ ‘ਤੇ ਵਧਾਈ ਦਿੰਦਿਆਂ ਮਾਨ ਨੇ ਖਾਲਸਾ ਪੰਥ ਦੀ ਸਾਜਨਾ ਅਤੇ ਸਮਾਨਤਾ ਦੇ ਸੰਦੇਸ਼ ਨੂੰ ਯਾਦ ਕਰਵਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ ‘ਚ ਸਖ਼ਤ ਸਜ਼ਾਵਾਂ ਲਈ ਨਵਾਂ ਕਾਨੂੰਨ ਵੀ ਪਾਸ ਕੀਤਾ ਹੈ।

ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਹੋਰ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *