ਦਿਲਜੀਤ ਦੋਸਾਂਝ ਦੇ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਤੋਂ ਪਹਿਲਾਂ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦਿੱਲੀ ਵਿੱਚ ਹੋਣ ਵਾਲੇ ਉਨ੍ਹਾਂ ਦੇ ਲਾਈਵ ਸ਼ੋਅ ਤੋਂ ਪਹਿਲਾਂ ਬਾਲ ਅਧਿਕਾਰ ਕਮਿਸ਼ਨ ਨੇ ਗਾਇਕ ਦੇ ਕੁਝ ਗੀਤਾਂ ਨੂੰ ਲੈ ਕੇ ਮਿਲੀ ਸ਼ਿਕਾਇਤ ’ਤੇ ਕਾਰਵਾਈ ਕੀਤੀ ਹੈ।

ਦਰਅਸਲ, ਅੱਜ ਯਾਨੀ 30 ਅਕਤੂਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਹੋਣਾ ਹੈ। ਇਸ ਤੋਂ ਪਹਿਲਾਂ ਦਿੱਲੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਦਿਲਜੀਤ ਦੇ ਕੁਝ ਗੀਤਾਂ ਵਿੱਚ ਸ਼ਰਾਬ, ਨਸ਼ਿਆਂ ਅਤੇ ਹਥਿਆਰਾਂ ਦੀ ਵਡਿਆਈ ਕੀਤੀ ਜਾਂਦੀ ਹੈ।
ਇਹ ਸ਼ਿਕਾਇਤ ਚੰਡੀਗੜ੍ਹ ਦੇ ਪ੍ਰੋਫੈਸਰ ਡਾ. ਪੰਡਿਤਰਾਓ ਧਰੇਨਵਰ ਨੇ 14 ਅਕਤੂਬਰ ਨੂੰ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਅਜਿਹੇ ਗੀਤ ਬੱਚਿਆਂ ਦੀ ਮਾਨਸਿਕ ਸਿਹਤ ਅਤੇ ਵਿਵਹਾਰ ’ਤੇ ਮਾੜਾ ਅਸਰ ਪਾ ਸਕਦੇ ਹਨ। ਇਸੇ ਲਈ ਉਨ੍ਹਾਂ ਨੇ ਕੰਸਰਟ ਦੌਰਾਨ ਅਜਿਹੇ ਗੀਤ ਵਜਾਉਣ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ।
ਕਮਿਸ਼ਨ ਨੇ ਸ਼ਿਕਾਇਤ ’ਤੇ ਵਿਚਾਰ ਕਰਨ ਤੋਂ ਬਾਅਦ ਇਸ ਦੀ ਕਾਪੀ ਦਿੱਲੀ ਪੁਲਿਸ ਨੂੰ ਭੇਜ ਦਿੱਤੀ ਹੈ ਅਤੇ ਕਾਨੂੰਨ ਮੁਤਾਬਕ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਇਹ ਵੀ ਕਿਹਾ ਹੈ ਕਿ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਉਸ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ।
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦਾ ਦਸੰਬਰ ਵਿੱਚ ਮੋਹਾਲੀ ਵਿੱਚ ਵੀ ਸ਼ੋਅ ਹੋਣ ਦੀ ਉਮੀਦ ਹੈ। ਇਹ ਕੰਸਰਟ ਮੁੱਲਾਂਪੁਰ ਜਾਂ ਚੰਡੀਗੜ੍ਹ ਦੇ ਪੀਸੀਏ ਸਟੇਡੀਅਮ ਵਿੱਚ ਕਰਵਾਏ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।



