ਅੰਮ੍ਰਿਤਸਰ ਧਮਾਕੇ ‘ਚ ਪਾਕਿਸਤਾਨ ਦਾ ਹੋ ਸਕਦੇ ਹੱਥ? DGP ਗੌਰਵ ਯਾਦਵ ਦਾ ਵੱਡਾ ਬਿਆਨ

ਅੰਮ੍ਰਿਤਸਰ ਦੇ ਖਾਸਾ ਛਾਉਣੀ ਖੇਤਰ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਗੌਰਵ ਯਾਦਵ ਖੁਦ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਧਮਾਕੇ ਦੇ ਪਿੱਛੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦੀ ਸਾਜ਼ਿਸ਼ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਇਸ ਸਮੇਂ “ਆਪਰੇਸ਼ਨ ਸੰਧੂਰ” ਦੀ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਇਸ ਮੌਕੇ ਨੂੰ ਨਿਸ਼ਾਨਾ ਬਣਾਉਂਦਿਆਂ ਦੁਸ਼ਮਣ ਤਾਕਤਾਂ ਵੱਲੋਂ ਅਜਿਹੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਦੇਸ਼ ਅਤੇ ਖਾਸ ਕਰਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਸਕੇ।

ਡੀ.ਜੀ.ਪੀ. ਨੇ ਇਹ ਵੀ ਸਪੱਸ਼ਟ ਕੀਤਾ ਕਿ ਜਲੰਧਰ ਵਿੱਚ ਹੋਏ ਧਮਾਕਿਆਂ ਦਾ ਅੰਮ੍ਰਿਤਸਰ ਘਟਨਾ ਨਾਲ ਕੋਈ ਸਬੰਧ ਨਹੀਂ ਹੈ। ਜਲੰਧਰ ਵਾਲੇ ਮਾਮਲੇ ਦੀ ਜ਼ਿੰਮੇਵਾਰੀ ਇੱਕ ਖਾਲਿਸਤਾਨੀ ਜਥੇਬੰਦੀ ਵੱਲੋਂ ਲਈ ਜਾ ਚੁੱਕੀ ਹੈ, ਜਦਕਿ ਅੰਮ੍ਰਿਤਸਰ ਧਮਾਕੇ ਦੀ ਜ਼ਿੰਮੇਵਾਰੀ ਹਾਲੇ ਤੱਕ ਕਿਸੇ ਵੱਲੋਂ ਨਹੀਂ ਲਈ ਗਈ।

ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਚੇਤ ਹੈ ਅਤੇ ਇਸ ਮਾਮਲੇ ਦੀ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਜਲਦੀ ਕਾਬੂ ਕਰਕੇ ਕਾਨੂੰਨ ਦੇ ਹਵਾਲੇ ਕੀਤਾ ਜਾਵੇਗਾ।

ਅਖੀਰ ’ਚ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੋ ਵੀ ਤੱਤ ਇਸ ਤਰ੍ਹਾਂ ਦੀਆਂ ਗਤਿਵਿਧੀਆਂ ਵਿੱਚ ਸ਼ਾਮਲ ਹਨ, ਉਹਨਾਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Leave a Reply

Your email address will not be published. Required fields are marked *