ਮੁਅੱਤਲ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੂੰ ਲੈ ਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਉਨ੍ਹਾਂ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ, ED ਦੀ ਟੀਮ ਹਰ ਇਕ ਦਸਤਾਵੇਜ਼ ਅਤੇ ਸੰਪਤੀ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਨੂੰ ਪਹਿਲਾਂ ਸੀ.ਬੀ.ਆਈ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਕਾਰਵਾਈ ਫਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਇੱਕ ਸਕਰੈਪ ਡੀਲਰ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ 2023 ਦੀ ਇੱਕ FIR ਨੂੰ ਨਿਪਟਾਉਣ ਲਈ ਉਸ ਤੋਂ ਮਹੀਨਾਵਾਰ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ।
ਸ਼ਿਕਾਇਤ ਦੇ ਆਧਾਰ ‘ਤੇ ਸੀ.ਬੀ.ਆਈ ਨੇ ਜਾਲ ਬਿਛਾ ਕੇ ਭੁੱਲਰ ਨੂੰ ਲਗਭਗ 8 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਤੋਂ ਬਾਅਦ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਹ ਇਸ ਸਮੇਂ ਆਮਦਨ ਤੋਂ ਵੱਧ ਸੰਪਤੀ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਜੇਲ੍ਹ ਵਿੱਚ ਬੰਦ ਹਨ।
ਇਸ ਤੋਂ ਪਹਿਲਾਂ ਵੀ ਸੀ.ਬੀ.ਆਈ ਵੱਲੋਂ ਉਨ੍ਹਾਂ ਦੇ ਘਰ ‘ਤੇ ਛਾਪੇਮਾਰੀ ਕੀਤੀ ਗਈ ਸੀ, ਜਿਸ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਸੀ। ਜਾਂਚ ਦੌਰਾਨ ਕਈ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ। ਪ੍ਰਾਰੰਭਿਕ ਤਫ਼ਤੀਸ਼ ਵਿੱਚ ਇਹ ਵੀ ਖੁਲਾਸਾ ਹੋਇਆ ਕਿ ਸਾਬਕਾ ਡੀ.ਆਈ.ਜੀ ਨੇ ਵਿਚੋਲੀਆਂ ਅਤੇ ਕੁਝ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਇੱਕ ਸੰਗਠਿਤ ਨੈੱਟਵਰਕ ਤਿਆਰ ਕੀਤਾ ਹੋਇਆ ਸੀ।
ਇਸ ਮਾਮਲੇ ਵਿੱਚ ਹੁਣ ਕੁਝ ਅਣਪਛਾਤੇ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਖ਼ਿਲਾਫ਼ ਵੀ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਜੇ ਤਫ਼ਤੀਸ਼ ਦੌਰਾਨ ਕਿਸੇ ਦੀ ਭੂਮਿਕਾ ਸਾਬਤ ਹੁੰਦੀ ਹੈ, ਤਾਂ ਉਨ੍ਹਾਂ ਖ਼ਿਲਾਫ਼ ਵੀ FIR ਦਰਜ ਕੀਤੀ ਜਾਵੇਗੀ।
ਫਿਲਹਾਲ ED ਦੀ ਕਾਰਵਾਈ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
