‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੰਗੇ ਨਤੀਜੇ, 80% ਸਫਲਤਾ ਨਾਲ ਲੋਕ-ਪੁਲਿਸ ਸਾਂਝ ਨੇ ਤਸਕਰਾਂ ਦੀ ਕਮਰ ਤੋੜੀ: ਬਲਤੇਜ ਪੰਨੂ

ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਮਿਲ ਰਹੀ ਸਫਲਤਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਜਲਦੀ ਹੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹੋਣ ਵੱਲ ਵੱਧ ਰਿਹਾ ਹੈ। ਸਰਕਾਰ ਅਤੇ ਲੋਕਾਂ ਦੇ ਇਸ ਮਜ਼ਬੂਤ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।

ਨਸ਼ਿਆਂ ਖ਼ਿਲਾਫ਼ ਚੱਲ ਰਹੀ ਇਸ ਜੰਗ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਲਗਭਗ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਵੀ ਦੱਸਦੇ ਹਨ ਕਿ ਇਹ ਮੁਹਿੰਮ ਕਿੰਨੀ ਗੰਭੀਰਤਾ ਨਾਲ ਚੱਲ ਰਹੀ ਹੈ। ਹੁਣ ਤੱਕ 2569 ਕਿਲੋਗ੍ਰਾਮ ਹੈਰੋਇਨ, 0.37 ਕਿਲੋਗ੍ਰਾਮ ਸਮੈਕ, 748 ਕਿਲੋਗ੍ਰਾਮ ਅਫੀਮ, 35,058 ਕਿਲੋਗ੍ਰਾਮ ਭੁੱਕੀ, 898 ਕਿਲੋਗ੍ਰਾਮ ਗਾਂਜਾ ਅਤੇ 4599 ਕਿਲੋਗ੍ਰਾਮ ਕੋਕੀਨ ਬਰਾਮਦ ਕਰਕੇ ਵੱਡੇ ਡਰੱਗ ਨੈੱਟਵਰਕ ਨੂੰ ਤਬਾਹ ਕੀਤਾ ਗਿਆ ਹੈ।

ਬਲਤੇਜ ਪੰਨੂ ਨੇ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਭਾਗੀਦਾਰੀ ਦੀ ਖਾਸ ਤੌਰ ‘ਤੇ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ (VDCs) ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਖਾਸ ਮੋਬਾਈਲ ਐਪ ਰਾਹੀਂ ਸਭ ਤੋਂ ਵੱਧ ਜਾਣਕਾਰੀ ਪੁਲਿਸ ਤੱਕ ਪਹੁੰਚ ਰਹੀ ਹੈ, ਜਿਸ ਦੀ ਸਫਲਤਾ ਦਰ 80 ਫੀਸਦੀ ਤੋਂ ਵੱਧ ਹੈ।

ਪੰਨੂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਦਰਜ ਹੋ ਰਹੀਆਂ ਐਫਆਈਆਰ ਅਤੇ ਹੋ ਰਹੀ ਬਰਾਮਦਗੀ ਦੇ ਪਿੱਛੇ ਲੋਕਾਂ ਵੱਲੋਂ ਦਿੱਤੀ ਗਈ ਸਹੀ ਜਾਣਕਾਰੀ ਅਤੇ ਉਨ੍ਹਾਂ ਦਾ ਸਹਿਯੋਗ ਸਭ ਤੋਂ ਵੱਡਾ ਕਾਰਨ ਹੈ। ਇਹ ਮੁਹਿੰਮ ‘ਰੰਗਲਾ ਪੰਜਾਬ’ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ।

Leave a Reply

Your email address will not be published. Required fields are marked *