ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸੂਬੇ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਭਰ ਵਿੱਚ ਨਗਰ ਨਿਗਮ ਚੋਣਾਂ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਈਆਂ ਹਨ, ਜਿਸ ਲਈ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਪਹੁੰਚੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਲੋਕਾਂ ਦੇ ਭਰੋਸੇ ਅਤੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕਈ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ਨੂੰ ਲੋਕਾਂ ਨੇ ਸਵੀਕਾਰਿਆ ਹੈ ਅਤੇ ਇਸੇ ਕਰਕੇ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਰਪੂਰ ਸਮਰਥਨ ਮਿਲਿਆ ਹੈ।
ਉਨ੍ਹਾਂ ਇਸ ਜਿੱਤ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਨੂੰ ਦਿੰਦਿਆਂ ਕਿਹਾ ਕਿ ਲੋਕਾਂ ਨੇ ਵਿਕਾਸ ਅਤੇ ਪਾਰਦਰਸ਼ੀ ਸ਼ਾਸਨ ਦੇ ਹੱਕ ਵਿੱਚ ਫ਼ਤਵਾ ਦਿੱਤਾ ਹੈ। ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਉੱਥੇ ਆਮ ਆਦਮੀ ਪਾਰਟੀ ਨੇ 15 ਵਿੱਚੋਂ 13 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ, ਜੋ ਲੋਕਾਂ ਦੇ ਵਿਸ਼ਵਾਸ ਦਾ ਸਪੱਸ਼ਟ ਪ੍ਰਮਾਣ ਹੈ। ਇਸ ਮੌਕੇ ਉਨ੍ਹਾਂ ਨੇ ਜੰਡਿਆਲਾ ਗੁਰੂ ਦੇ ਵੋਟਰਾਂ ਅਤੇ ਸਮੂਹ ਇਲਾਕਾ ਵਾਸੀਆਂ ਦਾ ਧੰਨਵਾਦ ਵੀ ਕੀਤਾ।
ਵਿਰੋਧੀ ਧਿਰ ਵੱਲੋਂ ਚੋਣਾਂ ਦੌਰਾਨ ਧੱਕੇਸ਼ਾਹੀ ਅਤੇ ਗੜਬੜੀ ਦੇ ਲਗਾਏ ਜਾ ਰਹੇ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਤੋਂ ਲੈ ਕੇ ਵੋਟਾਂ ਪੈਣ ਅਤੇ ਨਤੀਜਿਆਂ ਦੀ ਗਿਣਤੀ ਤੱਕ ਪੂਰੀ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਥਾਂ ਤੋਂ ਕੋਈ ਵੱਡੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਤੰਤਰਿਕ ਕਦਰਾਂ-ਕੀਮਤਾਂ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਸ਼ਾਂਤੀ, ਵਿਕਾਸ ਅਤੇ ਲੋਕ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਧੱਕੇਸ਼ਾਹੀ ਦੀ ਨਹੀਂ, ਸਗੋਂ ਲੋਕਾਂ ਦੀ ਸੇਵਾ ਅਤੇ ਲੋਕਤੰਤਰ ਦੀ ਮਜ਼ਬੂਤੀ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ।
