ਪੰਜਾਬ ‘ਚ ਵਧੇਗੀ ਗਰਮੀ ਦੀ ਮਾਰ, ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਤਿੱਖੀ ਹੀਟਵੇਵ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਮੁਤਾਬਕ 18 ਮਈ ਤੋਂ 23 ਮਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਨੁਸਾਰ ਅਗਲੇ ਛੇ ਦਿਨਾਂ ਤੱਕ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ ਅਤੇ ਤਿੱਖੀ ਧੁੱਪ ਕਾਰਨ ਦਿਨ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾਵੇਗਾ। ਖਾਸ ਕਰਕੇ ਦੁਪਹਿਰ ਦੇ ਸਮੇਂ ਘਰੋਂ ਬਾਹਰ ਨਿਕਲਣਾ ਲੋਕਾਂ ਲਈ ਮੁਸ਼ਕਲ ਹੋ ਸਕਦਾ ਹੈ। ਵਿਭਾਗ ਨੇ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਲਈ ਯੈਲੋ ਹੀਟਵੇਵ ਅਲਰਟ ਜਾਰੀ ਕੀਤਾ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਤਾਪਮਾਨ ਵਿੱਚ ਸਭ ਤੋਂ ਵੱਧ 3.2 ਡਿਗਰੀ ਦਾ ਵਾਧਾ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 1.7 ਡਿਗਰੀ, ਲੁਧਿਆਣਾ ਵਿੱਚ 1.8 ਡਿਗਰੀ, ਪਟਿਆਲਾ ਵਿੱਚ 1.2 ਡਿਗਰੀ, ਬਠਿੰਡਾ ਵਿੱਚ 0.6 ਡਿਗਰੀ ਅਤੇ ਫਾਜ਼ਿਲਕਾ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਫਰੀਦਕੋਟ ਵਿੱਚ 0.7 ਡਿਗਰੀ ਦੀ ਗਿਰਾਵਟ ਵੀ ਦੇਖਣ ਨੂੰ ਮਿਲੀ।

ਮੌਸਮ ਵਿਭਾਗ ਮੁਤਾਬਕ 19 ਮਈ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਇਲਾਕਿਆਂ ਵਿੱਚ ਹੀਟਵੇਵ ਦਾ ਅਸਰ ਵੱਧ ਸਕਦਾ ਹੈ।

20 ਮਈ ਨੂੰ ਹੀਟਵੇਵ ਦਾ ਦਾਇਰਾ ਹੋਰ ਵਧਣ ਦੀ ਸੰਭਾਵਨਾ ਹੈ। ਇਸ ਦਿਨ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਦੇ ਕਈ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਚੱਲ ਸਕਦੀ ਹੈ।

ਇਸੇ ਤਰ੍ਹਾਂ 21 ਮਈ ਨੂੰ ਵੀ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਇਲਾਕਿਆਂ ਵਿੱਚ ਹੀਟਵੇਵ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਵੇਲੇ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਧੁੱਪ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਖਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

Leave a Reply

Your email address will not be published. Required fields are marked *