ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਤਿੱਖੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ 21 ਅਪ੍ਰੈਲ ਤੋਂ 24 ਅਪ੍ਰੈਲ ਤੱਕ ਚਾਰ ਦਿਨਾਂ ਲਈ ਯੈਲੋ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਦਿਨ ਦੇ ਸਮੇਂ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਵੇਗਾ ਅਤੇ ਗਰਮ ਹਵਾਵਾਂ ਲੋਕਾਂ ਨੂੰ ਹੋਰ ਪਰੇਸ਼ਾਨ ਕਰਨਗੀਆਂ, ਜਦਕਿ ਕਈ ਖੇਤਰਾਂ ਵਿੱਚ ਰਾਤਾਂ ਵੀ ਗਰਮ ਰਹਿਣ ਦੀ ਸੰਭਾਵਨਾ ਹੈ।
ਸੋਮਵਾਰ ਦੇ ਮੁਕਾਬਲੇ ਤਾਪਮਾਨ ਵਿੱਚ ਹਲਕਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਹ ਆਮ ਨਾਲੋਂ ਕਰੀਬ 3 ਡਿਗਰੀ ਸੈਲਸੀਅਸ ਜ਼ਿਆਦਾ ਹੈ। ਰਾਜ ਦੇ 21 ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਪਾਰ ਹੋ ਚੁੱਕਾ ਹੈ, ਜਦਕਿ ਕੁਝ ਥਾਵਾਂ ‘ਤੇ ਇਹ 41 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ।
ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਸੰਗਰੂਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਹੀਟਵੇਵ ਵਰਗੀਆਂ ਸਥਿਤੀਆਂ ਬਣਨ ਦੀ ਸੰਭਾਵਨਾ ਜਤਾਈ ਗਈ ਹੈ। ਸਵੇਰੇ ਤੋਂ ਹੀ ਧੁੱਪ ਤਿੱਖੀ ਰਹੇਗੀ, ਜਦਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਗਰਮੀ ਦੀ ਲਹਿਰ ਆਪਣੇ ਚਰਮ ‘ਤੇ ਹੋਵੇਗੀ।
ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਹੀਟ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ, ਧੁੱਪ ਤੋਂ ਬਚਣ ਅਤੇ ਹਲਕਾ ਖਾਣਾ ਖਾਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਸਪਤਾਲਾਂ ਵਿੱਚ ਖਾਸ ਵਾਰਡ ਬਣਾਏ ਗਏ ਹਨ ਅਤੇ ਮੈਡੀਕਲ ਸਟਾਫ ਨੂੰ 24 ਘੰਟੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਿਆ ਜਾ ਸਕੇ।
