ਪੰਜਾਬ ਅਤੇ ਚੰਡੀਗੜ੍ਹ ਵਿੱਚ ਨੌਤਪਾ ਦਾ ਅਸਰ ਹੁਣ ਸਾਫ਼ ਤੌਰ ‘ਤੇ ਵੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਤੱਕ ਵੱਧ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਠਿੰਡਾ ਵਿੱਚ ਸੋਮਵਾਰ ਨੂੰ ਸਭ ਤੋਂ ਵੱਧ 44.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਰਿਹਾ।
ਲਗਾਤਾਰ ਵੱਧ ਰਹੀ ਗਰਮੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਵੀ ਬਦਲਾਅ ਕਰ ਦਿੱਤਾ ਹੈ। ਹੁਣ ਸਰਕਾਰੀ ਸਕੂਲ ਅਤੇ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ। ਇਸ ਦੇ ਨਾਲ ਹੀ ਮੁਲਾਜ਼ਮਾਂ ਦੀ ਲੰਚ ਬ੍ਰੇਕ ਵੀ ਦੁਪਹਿਰ 1:30 ਵਜੇ ਤੋਂ ਬਾਅਦ ਹੋਵੇਗੀ।
27 ਮਈ ਤੱਕ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਅਤੇ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਤੇਜ਼ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਧੁੱਪ ਤੋਂ ਬਚਾਅ ਕਰਨ ਦੀ ਸਲਾਹ ਦਿੱਤੀ ਹੈ। ਅਗਲੇ ਚਾਰ ਦਿਨਾਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਤੱਕ ਹੋਰ ਵੱਧ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ 28 ਮਈ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਦੇ ਸੰਕੇਤ ਮਿਲ ਰਹੇ ਹਨ। 29 ਅਤੇ 30 ਮਈ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਦੇ ਨਾਲ ਹੀ ਕਈ ਥਾਵਾਂ ‘ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਧੂੜ ਭਰੀਆਂ ਹਨੇਰੀਆਂ ਅਤੇ ਬਿਜਲੀ ਚਮਕਣ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਬਦਲਣ ਤੋਂ ਬਾਅਦ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ।
