ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਐਲਾਨ, ਗੁਰਬਾਣੀ ਦੀ ਸਹੀ ਜਾਣਕਾਰੀ ਲਈ AI ਕੰਪਨੀਆਂ ਨਾਲ ਕਰਨਗੇ ਗੱਲਬਾਤ

ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੇ ਵਧਦੇ ਪ੍ਰਭਾਵ ਦੇ ਵਿਚਕਾਰ ਹੁਣ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੁੜੀ ਸਹੀ ਜਾਣਕਾਰੀ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ ਜਾ ਰਹੀ ਹੈ। AI ਆਧਾਰਿਤ ਚੈਟਬੋਟਸ ਰਾਹੀਂ ਗੁਰਬਾਣੀ ਅਤੇ ਸਿੱਖ ਰਵਾਇਤਾਂ ਬਾਰੇ ਗਲਤ ਜਾਣਕਾਰੀ ਸਾਹਮਣੇ ਆਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਨਵੇਂ ਯਤਨ ਕਰਨ ਦੀ ਗੱਲ ਕਹੀ ਗਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ ਸਥਿਤ ਇਤਿਹਾਸਕ ਖ਼ਾਲਸਾ ਜਥਾ ਬ੍ਰਿਟਿਸ਼ ਆਈਲਜ਼ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ AI ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਵਾਇਤਾਂ ਬਾਰੇ ਫੈਲ ਰਹੀ ਗੁੰਮਰਾਹਕੁਨ ਜਾਣਕਾਰੀ ਸਬੰਧੀ ਵਿਚਾਰ-ਚਰਚਾ ਹੋਈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ AI ਪਲੇਟਫਾਰਮਾਂ ’ਤੇ ਗੁਰਬਾਣੀ ਦੇ ਗਲਤ ਹਵਾਲੇ ਅਤੇ ਪਾਵਨ ਗੁਰਬਾਣੀ ਦੇ ਨਾਮ ਹੇਠ ਮਨਘੜ੍ਹਤ ਤੁਕਾਂ ਪੇਸ਼ ਹੋਣਾ ਗੰਭੀਰ ਮਸਲਾ ਹੈ। ਇਸ ਨਾਲ ਸਿੱਖੀ ਦੀਆਂ ਬੁਨਿਆਦੀ ਕਦਰਾਂ-ਕੀਮਤਾਂ, ਸਿਧਾਂਤਾਂ ਅਤੇ ਮਰਯਾਦਾ ’ਤੇ ਅਸਰ ਪੈ ਸਕਦਾ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਦੁਨੀਆ ਦੀਆਂ ਪ੍ਰਮੁੱਖ AI ਤਕਨੀਕ ਕੰਪਨੀਆਂ ਨਾਲ ਸੰਪਰਕ ਅਤੇ ਸਹਿਯੋਗ ਕਰਨ ਦੀ ਲੋੜ ਹੈ।
ਉਨ੍ਹਾਂ ਸਿੱਖ ਵਿਦਵਾਨਾਂ, ਤਕਨੀਕੀ ਖੇਤਰ ਵਿੱਚ ਕੰਮ ਕਰ ਰਹੇ ਗੁਰਸਿੱਖਾਂ ਅਤੇ ਇਸ ਮੁੱਦੇ ’ਤੇ ਸਰਗਰਮ ਸਿੱਖਾਂ ਨੂੰ ਸਾਂਝੇ ਤੌਰ ’ਤੇ AI ਕੰਪਨੀਆਂ ਨਾਲ ਗੱਲਬਾਤ ਕਰਨ ਅਤੇ ਇਸ ਸਮੱਸਿਆ ਦਾ ਹੱਲ ਲੱਭਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਜਲਦ ਹੀ ਇੱਕ ਸਾਂਝਾ ਪਲੇਟਫਾਰਮ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾਣਗੇ, ਤਾਂ ਜੋ ਇਸ ਮੁੱਦੇ ’ਤੇ ਸੰਗਠਿਤ ਢੰਗ ਨਾਲ ਕੰਮ ਕੀਤਾ ਜਾ ਸਕੇ।
ਜਥੇਦਾਰ ਨੇ ਇਹ ਵੀ ਕਿਹਾ ਕਿ ਗੁਰਬਾਣੀ ਤੱਕ ਸਹੀ ਪਹੁੰਚ ਯਕੀਨੀ ਬਣਾਉਣ ਲਈ ਸਮਰਪਿਤ ਐਪਲੀਕੇਸ਼ਨਾਂ ਅਤੇ ਪ੍ਰਮਾਣਿਕ ਆਨਲਾਈਨ ਸਰੋਤ ਵਿਕਸਿਤ ਕਰਨ ਵੱਲ ਕਦਮ ਚੁੱਕੇ ਜਾਣਗੇ। ਇਹ ਪਹਿਲਕਦਮੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਗਰਾਨੀ ਹੇਠ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਤਿਆਰ ਕੀਤੇ ਜਾਣ ਵਾਲੇ AI ਪਲੇਟਫਾਰਮਾਂ ਅਤੇ ਐਪਲੀਕੇਸ਼ਨਾਂ ਦੀ ਪ੍ਰਵਾਨਗੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੈਣ ਦੀ ਵਿਵਸਥਾ ਕੀਤੀ ਜਾਵੇਗੀ।
ਉਨ੍ਹਾਂ ਮੁਤਾਬਕ, AI ਕੰਪਨੀਆਂ ਨਾਲ ਤਾਲਮੇਲ ਕਰਕੇ ਇਹ ਯਤਨ ਕੀਤਾ ਜਾਵੇਗਾ ਕਿ ਗਲਤ ਜਾਂ ਮਨਘੜ੍ਹਤ ਲਿਖਤਾਂ ਨੂੰ ਗੁਰਬਾਣੀ ਵਜੋਂ ਪੇਸ਼ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਕੋਸ਼ਿਸ਼ ਹੋਵੇਗੀ ਕਿ AI ’ਤੇ ਗੁਰਬਾਣੀ ਬਾਰੇ ਜਾਣਕਾਰੀ ਲੱਭਣ ਵਾਲੇ ਲੋਕਾਂ ਨੂੰ ਪ੍ਰਮਾਣਿਤ ਅਤੇ ਅਧਿਕਾਰਤ ਸਿੱਖ ਸਰੋਤਾਂ ਤੋਂ ਜਾਣਕਾਰੀ ਮਿਲੇ। ਗੁਰਬਾਣੀ ਨਾਲ ਸਬੰਧਤ ਸਮੱਗਰੀ ਨੂੰ ਸੰਜੀਦਾ ਸਮੱਗਰੀ ਵਜੋਂ ਸੂਚੀਬੱਧ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ, ਤਾਂ ਜੋ ਗਲਤ ਜਾਣਕਾਰੀ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਗੁਰਬਾਣੀ ਦੀ ਸਿੱਖਿਆ ਲਈ AI ’ਤੇ ਪੂਰੀ ਤਰ੍ਹਾਂ ਨਿਰਭਰ ਹੋਣ ਦੀ ਬਜਾਏ ਸ੍ਰੀ ਗੁਰੂ ਗ੍ਰੰਥ ਸਾਹਿਬ, ਸੈਂਚੀਆਂ ਅਤੇ ਸਿੱਖ ਸਾਹਿਤ ਤੋਂ ਅਧਿਐਨ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ AI ਪ੍ਰਮਾਣਿਤ ਅਤੇ ਅਧਿਕਾਰਤ ਧਾਰਮਿਕ ਸਰੋਤਾਂ ਦਾ ਬਦਲ ਨਹੀਂ ਬਣ ਸਕਦੀ ਅਤੇ ਇਸ ਤਕਨੀਕ ਦੀ ਵਰਤੋਂ ਕਰਦੇ ਸਮੇਂ ਸਾਵਧਾਨੀ ਵਰਤਣੀ ਜ਼ਰੂਰੀ ਹੈ।



