LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਚੰਡੀਗੜ੍ਹ

ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦਾ ਅਪਡੇਟ, 5 ਨਵੰਬਰ ਤੱਕ ਮੌਸਮ ਰਹੇਗਾ ਖੁਸ਼ਕ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਲੱਗਿਆ ਹੈ। ਮੌਸਮ ਵਿਭਾਗ ਮੁਤਾਬਕ, ਅੱਜ 31 ਅਕਤੂਬਰ ਨੂੰ ਸੂਬੇ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਬੱਦਲ ਛਟਣ ਤੋਂ ਬਾਅਦ ਦਿਨ ਵੇਲੇ ਧੁੱਪ ਨਿਕਲੇਗੀ, ਜਦਕਿ ਸਵੇਰ ਅਤੇ ਸ਼ਾਮ ਦੇ ਸਮੇਂ ਠੰਢ ਦਾ ਅਹਿਸਾਸ ਵਧੇਗਾ।

ਇਸ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਹੁਣ ਆਮ ਨਾਲੋਂ 1.8 ਡਿਗਰੀ ਘੱਟ ਹੈ। ਰੋਪੜ ਵਿੱਚ ਸਭ ਤੋਂ ਵੱਧ 32.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ, ਉੱਤਰੀ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਮੁੰਦਰੀ ਤਲ ਤੋਂ ਲਗਭਗ 4.5 ਕਿਲੋਮੀਟਰ ਦੀ ਉਚਾਈ ’ਤੇ ਚੱਕਰਵਾਤੀ ਹਵਾਵਾਂ ਦਾ ਘੇਰਾ ਬਣਿਆ ਹੋਇਆ ਹੈ। ਉੱਥੇ ਹੀ ਦੱਖਣੀ ਪੰਜਾਬ ਵਿੱਚ 1.5 ਕਿਲੋਮੀਟਰ ਦੀ ਉਚਾਈ ’ਤੇ ਮੌਜੂਦ ਇਸੇ ਤਰ੍ਹਾਂ ਦਾ ਮੌਸਮੀ ਸਿਸਟਮ ਕਮਜ਼ੋਰ ਪੈ ਗਿਆ ਹੈ।

ਵਿਭਾਗ ਦੇ ਅਨੁਮਾਨ ਮੁਤਾਬਕ, 5 ਨਵੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਅਸਮਾਨ ਜ਼ਿਆਦਾਤਰ ਸਾਫ਼ ਰਹੇਗਾ। ਆਉਣ ਵਾਲੇ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆ ਸਕਦੀ ਹੈ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 14 ਤੋਂ 15 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦਕਿ ਦਿਨ ਦਾ ਤਾਪਮਾਨ 30 ਤੋਂ 31 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਕਾਰਨ ਦੁਪਹਿਰ ਵੇਲੇ ਹਲਕੀ ਗਰਮੀ ਮਹਿਸੂਸ ਹੋਵੇਗੀ, ਪਰ ਸਵੇਰ ਅਤੇ ਸ਼ਾਮ ਨੂੰ ਮੌਸਮ ਠੰਢਾ ਰਹੇਗਾ।

ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਮੈਦਾਨੀ ਅਤੇ ਅਰਧ-ਪਹਾੜੀ ਇਲਾਕਿਆਂ ਵਿੱਚ ਠੰਢ ਦਾ ਅਸਰ ਵਧਣ ਲੱਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 1 ਤੋਂ 4.4 ਡਿਗਰੀ ਤੱਕ ਘਟਿਆ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ, ਪਠਾਨਕੋਟ ਦੇ ਥੀਨ ਡੈਮ ਖੇਤਰ ਵਿੱਚ ਸਭ ਤੋਂ ਵੱਧ 4.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇੱਥੇ ਵੱਧ ਤੋਂ ਵੱਧ ਤਾਪਮਾਨ 25.4 ਡਿਗਰੀ ਰਿਹਾ।

ਇਸੇ ਤਰ੍ਹਾਂ ਹੁਸ਼ਿਆਰਪੁਰ ਦੇ ਸਲੇਰਨ ਵਿੱਚ ਤਾਪਮਾਨ 4.2 ਡਿਗਰੀ ਘਟ ਕੇ 27.8 ਡਿਗਰੀ ’ਤੇ ਆ ਗਿਆ। ਪਠਾਨਕੋਟ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਵੀ ਤਾਪਮਾਨ 3 ਡਿਗਰੀ ਡਿੱਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 27.9 ਡਿਗਰੀ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ, ਰੂਪਨਗਰ ਦੇ ਭਾਖੜਾ ਡੈਮ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 1.4 ਡਿਗਰੀ ਘਟ ਕੇ 28 ਡਿਗਰੀ ਰਿਹਾ। ਤਾਪਮਾਨ ਵਿੱਚ ਆਈ ਇਸ ਗਿਰਾਵਟ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਸਵੇਰ ਅਤੇ ਸ਼ਾਮ ਦੇ ਸਮੇਂ ਠੰਢ ਵਧਣ ਲੱਗੀ ਹੈ।